ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
ਚੰਡੀਗੜ੍ਹ, 13 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਗੈਸ ਅਤੇ ਤੇਲ ਦੀ ਕਿੱਲਤ ਸਬੰਧੀ ਚੱਲ ਰਹੀਆਂ ਚਰਚਾਵਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੱਧ ਪੂਰਬ ਵਿੱਚ ਜੰਗ ਵਰਗੀ ਸਥਿਤੀ ਕਾਰਨ ਘਰੇਲੂ ਐਲ.ਪੀ.ਜੀ. ਸਪਲਾਈ ਵਿੱਚ ਵਿਘਨ ਪੈਣ ਦੀਆਂ ਅਫ਼ਵਾਹਾਂ ਸੋਸ਼ਲ ਮੀਡੀਆ ਰਾਹੀਂ ਫੈਲਾਈਆਂ ਜਾ ਰਹੀਆਂ ਹਨ, ਜੋ ਕਿ ਬੇਬੁਨਿਆਦ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਵਿੱਚ ਘਰੇਲੂ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਅਤੇ ਆਮ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਖੁਰਾਕ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਭਰੋਸਾ ਦਿੱਤਾ ਹੈ ਕਿ ਰਾਜ ਵਿੱਚ ਲੋੜ ਅਨੁਸਾਰ ਤੇਲ ਅਤੇ ਗੈਸ ਦਾ ਸਟਾਕ ਮੌਜੂਦ ਹੈ।
ਵਪਾਰਕ ਸਿਲੰਡਰਾਂ ਦੀ ਸਪਲਾਈ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਪਹਿਲ ਦੇਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਸਾਰੇ ਡੀ.ਸੀ., ਐਸ.ਪੀ. ਅਤੇ ਜ਼ਿਲ੍ਹਾ ਸਪਲਾਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਚੋਰੀ, ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਜਨਤਾ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
Read More : ਗੈਸ ਸੰਕਟ ਨੇ ਲਈ ਬਜ਼ੁਰਗ ਦੀ ਜਾਨ; ਸਿਲੰਡਰ ਦੀ ਉਡੀਕ ‘ਚ ਤੋੜਿਆ ਦਮ
