Punjab-Police-

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 26ਵੇਂ ਦਿਨ ਪੁਲਸ ਦੀ 571 ਟਿਕਾਣਿਆਂ ’ਤੇ ਛਾਪੇਮਾਰੀ, 193 ਗ੍ਰਿਫ਼ਤਾਰ

ਹੁਣ ਤੱਕ 9437 ਵਿਅਕਤੀ ਫੜੇ; ਨਸ਼ਾ ਤਸਕਰਾਂ ਵਿਰੁੱਧ ਵੀ ਸ਼ਿਕੰਜਾ ਕੱਸਦਿਆਂ 20.7 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ, 15 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਵਿੱਢੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 26ਵੇਂ ਦਿਨ ਪੰਜਾਬ ਪੁਲਸ ਨੇ ਸੂਬੇ ਭਰ ’ਚ ਵੱਡੀ ਕਾਰਵਾਈ ਕੀਤੀ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੁਲਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ 571 ਟਿਕਾਣਿਆਂ ’ਤੇ ਛਾਪੇਮਾਰੀ ਕਰ ਕੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ, 20 ਜਨਵਰੀ 2026 ਤੋਂ ਸ਼ੁਰੂ ਹੋਈ ਇਸ ਨਿਰਣਾਇਕ ਜੰਗ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਅਤੇ ਸਾਰੇ ਜ਼ਿਲਿਆਂ ਦੀ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਅੱਜ ਦੀ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ 3 ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 9437 ਤੱਕ ਪਹੁੰਚ ਗਈ ਹੈ।

ਪੁਲਸ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਦਬੋਚਿਆ ਹੈ, ਜਦਕਿ 66 ਵਿਅਕਤੀਆਂ ਖ਼ਿਲਾਫ਼ ਰੋਕਥਾਮ ਕਾਰਵਾਈ ਕੀਤੀ ਗਈ। ਪੁੱਛਗਿੱਛ ਅਤੇ ਤਸਦੀਕ ਤੋਂ ਬਾਅਦ 108 ਵਿਅਕਤੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ ਬਾਰੇ ਕੋਈ ਵੀ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਰੂਪ ’ਚ ਸਾਂਝੀ ਕਰ ਸਕਦੇ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 20 ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ 351ਵੇਂ ਦਿਨ ਪੁਲਸ ਨੇ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 20.7 ਕਿਲੋ ਹੈਰੋਇਨ, 210 ਨਸ਼ੀਲੀਆਂ ਗੋਲੀਆਂ ਅਤੇ 2.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਹੁਣ ਤੱਕ ਕੁੱਲ 49,674 ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਪੁਲਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕਰ ਕੇ ਇਲਾਜ ਲਈ ਰਾਜ਼ੀ ਕੀਤਾ ਹੈ।

Read More : ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ; ਹਾਲਤ ਸਥਿਰ

Leave a Reply

Your email address will not be published. Required fields are marked *