ਲਾਹੌਰ, 4 ਨਵੰਬਰ – ਸ੍ਰੀ ਗੁਰੂ ਨਾਨਕ ਪਾਤਸ਼ਾਹ ਦੇ 556ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਵਿਚ ਸ਼ਿਰਕਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਜਥੇ ਨਾਲ ਮਿਲ ਕੇ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਪਹੁੰਚੇ।
ਜਥੇਦਾਰ ਜ਼ੀਰੋ ਲਾਈਨ ਰਾਹੀਂ ਸਰਹੱਦ ਪਾਰ ਕਰ ਕੇ ਲਾਹੌਰ ਵਿਚ ਦਾਖ਼ਲ ਹੋਏ। ਉੱਥੇ ਲਹਿੰਦੇ ਪੰਜਾਬ ਦੇ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਔਕਾਫ ਬੋਰਡ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ।
ਇਸ ਮੌਕੇ ਗਿਆਨੀ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਸਿਰਫ਼ ਸਿੱਖ ਪੰਥ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਦੋਵੇਂ ਪੰਜਾਬਾਂ ਦੇ ਰੂਹਾਨੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਥੇ ਪਾਕਿਸਤਾਨੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੁਰੱਖਿਆ ਤੇ ਸਹੂਲਤਾਂ ਪ੍ਰਧਾਨ ਕਰਨ ਦਾ ਭਰੋਸਾ ਦਿੱਤਾ।
5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਪਾਤਸ਼ਾਹ ਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਅਾਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ, ਜਿਸ ਵਿਚ ਭਾਰਤ, ਕੈਨੇਡਾ, ਯੂ. ਕੇ. ਅਤੇ ਹੋਰ ਦੇਸ਼ਾਂ ਤੋਂ ਆਏ ਸਿੱਖ ਸ਼ਰਧਾਲੂ ਵੀ ਹਿੱਸਾ ਲੈਣਗੇ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਸੰਗਤਾਂ ਵੱਲੋਂ ਅੰਤਰਰਾਸ਼ਟਰੀ ਸ਼ਾਂਤੀ, ਸਿੱਖ ਏਕਤਾ ਅਤੇ ਗੁਰਮਤਿ ਸੰਦੇਸ਼ ਦੇ ਪ੍ਰਚਾਰ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
Read More : ਵਿੱਤ ਮੰਤਰੀ ਵੱਲੋਂ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ
