ਅੰਮ੍ਰਿਤਸਰ, 11 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ।
ਇਸ ਮੌਕੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ।
ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਕੌਮ ਲਈ ਵੱਡੇ ਅਰਥ ਰੱਖਦੀ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਇਸ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਈਏ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਰਸਤੇ ਵਿਚ ਵੱਖ-ਵੱਖ ਪੜਾਵਾਂ ਤੇ ਸਕੂਲੀ ਬੱਚਿਆਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
Read More : ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਨਾਲ 4 ਸਮੱਗਲਰ ਗ੍ਰਿਫਤਾਰ
