ਸੁਖਬੀਰ ਬਾਦਲ

ਸਿਰਫ ‘ਆਪ’ ਦੇ ਕਾਗਜ਼ ਸਹੀ, ਬਾਕੀ ਰੱਦ : ਸੁਖਬੀਰ ਬਾਦਲ

ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਵੱਡਾ ਵਿਵਾਦ

ਬਠਿੰਡਾ, 6 ਦਸੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਹੈ ਅਤੇ ਹਰ ਜ਼ਿਲੇ ’ਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਦੌੜ ਤੋਂ ਹੀ ਬਾਹਰ ਕਰ ਦਿੱਤਾ ਹੈ। ਇਹ ਦੋਸ਼ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ’ਚ ਪ੍ਰੈੱਸ ਕਾਨਫਰੰਸ ਦੌਰਾਨ ਲਗਾਏ।

ਸੁਖਬੀਰ ਬਾਦਲ ਨੇ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਨੂੰ ਜਿੱਤਣ ਲਈ ਆਮ ਆਦਮੀ ਪਾਰਟੀ ਨੇ ਅਜਿਹੇ ਹੱਥਕੰਡੇ ਵਰਤੇ, ਜੋ ਅੱਜ ਤਕ ਕਿਸੇ ਵੀ ਸਰਕਾਰ ਨੇ ਨਹੀਂ ਅਪਣਾਏ। ਉਨ੍ਹਾਂ ਦੇ ਮੁਤਾਬਕ ਤਰਨਤਾਰਨ, ਗੁਰਦਾਸਪੁਰ ਸਮੇਤ ਬਹੁਤ ਸਾਰੇ ਜ਼ਿਲਿਆਂ ’ਚ ਵਿਰੋਧੀ ਪਾਰਟੀਆਂ- ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਜ਼ਿਆਦਾਤਰ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ, ਜਦਕਿ ‘ਆਪ’ ਦੇ ਉਮੀਦਵਾਰਾਂ ਦੇ ਕਾਗਜ਼ ਹੀ ਸਹੀ ਪਾਏ ਗਏ।

ਉਨ੍ਹਾਂ ਦੋਸ਼ ਲਾਇਆ ਕਿ ਕਈ ਥਾਵਾਂ ’ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਤੋਂ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਦਫਤਰਾਂ ਤਕ ਪਹੁੰਚਣ ਤਕ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਅਧਿਕਾਰੀਆਂ ਨੂੰ ਗੈਰ-ਲਿਖਤੀ ਹਦਾਇਤਾਂ ਜਾਰੀ ਕਰ ਕੇ ਇਹ ਯਕੀਨੀ ਬਣਾਇਆ ਕਿ ਕਿਸੇ ਵੀ ਹੋਰ ਪਾਰਟੀ ਦੇ ਕਾਗਜ਼ ਕਬੂਲ ਨਾ ਕੀਤੇ ਜਾਣ। ਉਨ੍ਹਾਂ ਇਸ਼ਾਰਾ ਕੀਤਾ ਕਿ ਪਟਿਆਲਾ ਦੇ ਐੱਸ. ਐੱਸ. ਪੀ. ਦੀ ਵਾਇਰਲ ਆਡੀਓ ਇਸ ਸਾਜ਼ਿਸ਼ ਦੀ ਵੱਡੀ ਮਿਸਾਲ ਹੈ।

ਬਾਦਲ ਨੇ ਸਿੱਧੇ ਤੌਰ ’ਤੇ ਮੁੱਖ ਮੰਤਰੀ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਚੀਫ ਸਕੱਤਰ ਰਾਹੀਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਭੇਜੇ ਕਿ ਸਿਰਫ ਆਮ ਆਦਮੀ ਪਾਰਟੀ ਦੇ ਹੀ ਕਾਗਜ਼ ਸਹੀ ਪਾਏ ਜਾਣ। ਉਨ੍ਹਾਂ ਕਿਹਾ ਕੀ ਇਹ ਲੋਕਤੰਤਰ ਦੀ ਹੱਤਿਆ ਨਹੀਂ? ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਲੋਕਤੰਤਰ ਦਾ ਜ਼ਿੰਦਾ ਰਹਿਣਾ ਜ਼ਰੂਰੀ ਹੈ ਪਰ ‘ਆਪ’ ਨੇ ਇਸ ਨੂੰ ਛਿੱਕੇ ਟੰਗ ਦਿੱਤਾ ਹੈ।

Read More : ਸਿਵਲ ਹਸਪਤਾਲ ’ਚੋਂ ਬੀ.ਕੇ.ਆਈ. ਦਾ ਗੁਰਗਾ ਪੁਲਸ ਨੂੰ ਚਕਮਾ ਦੇ ਕੇ ਫਰਾਰ

Leave a Reply

Your email address will not be published. Required fields are marked *