ਸੀਲ

ਆਪ੍ਰੇਸ਼ਨ ਸੀਲ-23 ; 65 ਐਂਟਰੀ ਪੁਆਇੰਟ ਸੀਲ, 3 ਗ੍ਰਿਫ਼ਤਾਰ

ਚੰਡੀਗੜ੍ਹ, 9 ਦਸੰਬਰ : ਪੰਜਾਬ ਪੁਲਸ ਨੇ ਵਿਸ਼ੇਸ਼ ਆਪ੍ਰੇਸ਼ਨ ‘ਓ.ਪੀ.ਐੱਸ. ਸੀਲ-23’ ਤਹਿਤ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ। ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐੱਸ.ਐੱਸ.ਪੀਜ਼ ਨੂੰ ਰਣਨੀਤਕ ਥਾਵਾਂ ‘ਤੇ ਸਾਂਝੇ ਨਾਕੇ ਲਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐੱਸ.ਐੱਚ.ਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ‘ਨਾਕੇ’ ਲਾਉਣ ਲਈ ਵੱਧ ਤੋਂ ਵੱਧ ਪੁਲਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਸਪੈਸ਼ਲ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀ.ਐੱਸ.ਪੀਜ਼ ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਸ ਮੁਲਾਜ਼ਮਾਂ ਦੇ ਆਪਸੀ ਤਾਲਮੇਲ ਨਾਲ 10 ਜ਼ਿਲ੍ਹਿਆਂ ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਤੇ ਯੂ.ਟੀ. ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 65 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਮਜ਼ਬੂਤ ਨਾਕੇ ਲਾਏ ਗਏ।

ਇਨ੍ਹਾਂ 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ’ਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਸ ਦੌਰਾਨ ਸੂਬੇ ’ਚ ਆਉਣ-ਜਾਣ ਵਾਲੇ 1182 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 234 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 2 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 5 ਐੱਫ.ਆਈ.ਆਰਜ਼ ਵੀ ਦਰਜ ਕੀਤੀਆਂ ਤੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਨੂੰ 283ਵੇਂ ਦਿਨ ਵੀ ਜਾਰੀ ਰੱਖਦਿਆਂ 346 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਤਹਿਤ ਸੂਬੇ ਭਰ ’ਚ 68 ਐੱਫ.ਆਈ.ਆਰਜ਼ ਦਰਜ ਕਰ ਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ 283 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,864 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 1.5 ਕਿੱਲੋ ਹੈਰੋਇਨ, 429 ਗ੍ਰਾਮ ਅਫ਼ੀਮ, 6 ਕਿੱਲੋ ਗਾਂਜਾ, 21 ਕਿੱਲੋ ਭੁੱਕੀ ਤੇ 2.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 340 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਨਾਲ ਹੀ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More : ਰੋਜ਼ ਲੇਟ ਹੋਣ ’ਤੇ ਭੜਕੇ ਡੇਲੀ ਯਾਤਰੀ, 17 ਮਿੰਟ ਰੋਕੀ ਵੰਦੇ ਭਾਰਤ

Leave a Reply

Your email address will not be published. Required fields are marked *