ਮੁੱਖ ਮੰਤਰੀ ਨੇ ਬਜਟ ਨੂੰ ‘ਸ਼ਹੀਦਾਂ ਦੇ ਸੁਪਨਿਆਂ ਦਾ ਬਜਟ’ ਦੱਸਿਆ; ਕਿਹਾ— ਰਵਾਇਤੀ ਪਾਰਟੀਆਂ ਨੇ ਪੰਜਾਬ ਦਾ ਬਚਪਨ, ਜਵਾਨੀ ਅਤੇ ਬੁਢਾਪਾ ਖਾ ਲਿਆ
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬਜਟ ਚਰਚਾ ਦਾ ਜਵਾਬ ਦਿੰਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਦਨ ਵਿੱਚੋਂ ਇਸ ਲਈ ਭੱਜੀ ਹੈ ਕਿਉਂਕਿ ਉਨ੍ਹਾਂ ਕੋਲ ਔਰਤਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਕੋਈ ਜਵਾਬ ਨਹੀਂ ਸੀ।
ਮੁੱਖ ਮੰਤਰੀ ਨੇ ਇਸ ਬਜਟ ਨੂੰ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ 4 ਸਾਲਾਂ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਗਰੀਬਾਂ ਨੂੰ ਅਨਪੜ੍ਹ ਰੱਖਣ ਵਾਲੀਆਂ ਪਾਰਟੀਆਂ ਦੇ ਉਲਟ, ਅੱਜ ਸਰਕਾਰੀ ਸਕੂਲਾਂ ਦੇ ਬੱਚੇ JEE ਅਤੇ NEET ਪਾਸ ਕਰ ਰਹੇ ਹਨ। ਸੂਬੇ ਵਿੱਚ 7 ਨਵੇਂ ਮੈਡੀਕਲ ਕਾਲਜ (ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਨਵਾਂ ਸ਼ਹਿਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ) ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਮਾਨਵ-ਧਿਆਨ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਮਿਲਣ ਵਾਲੀ ਰਾਸ਼ੀ ਅਤੇ ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਦੇਣ ਦੇ ਫੈਸਲੇ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ।
ਮੁੱਖ ਮੰਤਰੀ ਨੇ ਗੁਆਂਢੀ ਰਾਜਾਂ ਨੂੰ ਸਪੱਸ਼ਟ ਕੀਤਾ ਕਿ ਵੱਡਾ ਭਰਾ ਕਹਿ ਕੇ ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ‘ਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਟੈਂਡ ਸਦਕਾ ਹਰਿਆਣਾ ਨੇ ਆਪਣੇ ਬਜਟ ਵਿੱਚ SYL ਲਈ ਫੰਡ ਨਹੀਂ ਰੱਖੇ। ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਅਤੇ ਹੁਸ਼ਿਆਰਪੁਰ ਵਿੱਚ ਆਰਮਡ ਫੋਰਸਿਜ਼ ਇੰਸਟੀਚਿਊਟ ਰਾਹੀਂ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਦੇ ਮੌਕੇ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਇਹ ਪਾਰਟੀਆਂ ਚੋਣਾਂ ਵੇਲੇ ਪੈਸੇ ਅਤੇ ਸ਼ਰਾਬ ਵੰਡ ਕੇ ਜਨਤਾ ਨੂੰ ‘ਕੀੜੇ-ਮਕੌੜੇ’ ਸਮਝਦੀਆਂ ਰਹੀਆਂ ਹਨ। ਉਨ੍ਹਾਂ ਭਵਿੱਖਬਾਣੀ ਕੀਤੀ ਕਿ ਕਾਂਗਰਸ ਦੀ ਪਾਟੋਧਾੜ ਉਸ ਨੂੰ 2027 ਵਿੱਚ ਸਿਆਸੀ ਨਕਸ਼ੇ ਤੋਂ ਗਾਇਬ ਕਰ ਦੇਵੇਗੀ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ 100 ਕਰੋੜ ਰੁਪਏ ਦਾ ਰਾਖਵਾਂਕਰਨ ਸਰਕਾਰ ਦੀ ਸਰਬ-ਸਾਂਝੀਵਾਲਤਾ ਦੀ ਨੀਤੀ ਨੂੰ ਦਰਸਾਉਂਦਾ ਹੈ।
Read More : ਸੁਖਪਾਲ ਖਹਿਰਾ ਦੀਆਂ ਮਹਿਲਾਵਾਂ ਬਾਰੇ ਟਿੱਪਣੀਆਂ ਅਤਿ ਸ਼ਰਮਨਾਕ : ਡਾ. ਬਲਜੀਤ ਕੌਰ
