ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗ੍ਰਾਂਟਾਂ ਵੰਡੀਆਂ
ਸੰਗਰੂਰ, 21 ਜੁਲਾਈ :-ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।
ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ’ਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ।
ਮਾਨ ਨੇ ਕਿਹਾ ਕਿ ਕਈ ਮਸਲਿਆਂ ’ਤੇ ਪੰਜਾਬੀਆਂ ਦੀ ਪਿੱਠ ’ਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ। ਇਸ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ’ਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ। ਲੈਂਡ ਪੂਲਿੰਗ ਸਕੀਮ ਤਹਿਤ ਬਣਨ ਵਾਲੀਆਂ ਯੋਜਨਾਬੱਧ ਕਾਲੋਨੀਆਂ ’ਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਸੂਬੇ ਦੀ ਸਮੁੱਚੀ ਤਰੱਕੀ ਨੂੰ ਰਫਤਾਰ ਦੇਣਾ ਹੈ। ਮਾਨ ਨੇ ਭਰੋਸਾ ਦਿੱਤਾ ਕਿ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ ’ਤੇ ਸਮੁੱਚਾ ਵਿਕਾਸ ਪਾਰਦਰਸ਼ੀ ਤੇ ਕਾਨੂੰਨ ਮੁਤਾਬਕ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਇਕੋ ਤਰ੍ਹਾਂ ਦੀ ਸਿਹਤ ਸੰਭਾਲ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ’ਚ ਵੀ ਅਜਿਹੇ ਹੋਰ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਪਸ਼ੂਆਂ ਉੱਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਬਿੱਲ, 2025’ ਪਾਸ ਕੀਤਾ ਹੈ ਤਾਂ ਕਿ ਸੂਬੇ ’ਚ ਹਰੇਕ ਥਾਂ ਹੋਣ ਵਾਲੀਆਂ ਪੇਂਡੂ ਖੇਡਾਂ ਖਾਸ ਕਰ ਕੇ ਬੈਲ ਗੱਡੀਆਂ ਦੀਆਂ ਦੌੜਾਂ ਤੇ ਹੋਰ ਖੇਡਾਂ ਨੂੰ ਹੁਲਾਰਾ ਮਿਲੇ। ਉਨ੍ਹਾਂ ਕਿਹਾ ਕਿ ਪਸ਼ੂ ਸੂਬੇ ਦੇ ਖੇਤੀਬਾੜੀ ਅਰਥਚਾਰੇ ਦਾ ਅਨਿੱਖੜਵਾਂ ਅੰਗ ਹਨ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਨਾਲ ਮੋਹ ਕਰਦੇ ਰਹੇ ਹਨ ਅਤੇ ਕਿਲ੍ਹਾ ਰਾਏਪੁਰ ਵਿਚਲੀ ਬੈਲ ਗੱਡੀਆਂ ਦੀ ਦੌੜ ਵਿਸ਼ਵ ਪ੍ਰਸਿੱਧ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਆਉਣ ਵਾਲੇ ਸਮੇਂ ’ਚ ਪਸ਼ੂਆਂ ਨੂੰ ਨੁਕਸਾਨ ਪਹੁੰਚਾਏ ਬਗ਼ੈਰ ਸੂਬੇ ਭਰ ’ਚ ਅਜਿਹੀਆਂ ਖੇਡਾਂ ਨੂੰ ਹੋਰ ਮਕਬੂਲ ਕਰਨ ’ਚ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸੁਰੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਪਸ਼ੂਆਂ ’ਤੇ ਕਿਸੇ ਵੀ ਤਰ੍ਹਾਂ ਦੇ ਅੱਤਿਆਚਾਰ ਦੀ ਇਜਾਜ਼ਤ ਨਹੀਂ ਹੋਵੇਗੀ।
Read More : ਪੁਲਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ. ਕੇ. ਆਈ. ਦਾ ਹੱਥ : ਡੀ. ਜੀ. ਪੀ.
