ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਆਧਾਰਤ ਹੈਂਡਲਰਾਂ ਨਾਲ ਕਰ ਰਹੇ ਸਨ ਤਾਲਮੇਲ : ਡੀ. ਜੀ. ਪੀ.
ਅੰਮ੍ਰਿਤਸਰ, 16 ਨਵੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 1.01 ਕਿਲੋਗ੍ਰਾਮ ਹੈਰੋਇਨ ਅਤੇ 6 ਆਧੁਨਿਕ ਪਿਸਤੌਲਾਂ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ ਅੰਮ੍ਰਿਤਸਰ ਦਿਹਾਤੀ, ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਅੰਮ੍ਰਿਤਸਰ ਦਿਹਾਤੀ, ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿਚ 5 ਪਿਸਤੌਲ.30 ਬੋਰ ਦੇ ਅਤੇ ਇਕ 9 ਐੱਮ. ਐੱਮ. ਗਲੌਕ ਪਿਸਤੌਲ ਸ਼ਾਮਲ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਪ੍ਰਾਪਤ ਅਤੇ ਡਲਿਵਰੀ ਕਰਨ ਲਈ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ ਅਾਧਾਰਤ ਹੈਂਡਲਰਾਂ ਨਾਲ ਤਾਲਮੇਲ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਪਿੰਡਾਂ ਨਾਲ ਸਬੰਧਤ ਹਨ ਅਤੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਖੇਪਾਂ ਪ੍ਰਾਪਤ ਕਰਦੇ ਸਨ।
ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਸ (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਛੇਹਰਟਾ ਨੇੜੇ ਇਕ ਯੋਜਨਾਬੱਧ ਨਾਕਾਬੰਦੀ ਦੌਰਾਨ ਪੁਲਸ ਟੀਮਾਂ ਨੇ ਮੁਲਜ਼ਮ ਆਕਾਸ਼ ਮਸੀਹ ਅਤੇ ਪ੍ਰਿੰਸ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ .30 ਬੋਰ ਪਿਸਤੌਲ ਅਤੇ ਇਕ ਗਲੌਕ 9 ਐੱਮ. ਐੱਮ. ਪਿਸਤੌਲ ਬਰਾਮਦ ਕੀਤਾ।
ਇਸ ਮਾਮਲੇ ਦੀ ਪੈਰਵੀ ਦੌਰਾਨ ਤਕਨੀਕੀ ਸੁਰਾਗਾਂ ’ਤੇ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਕਰਨਬੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਤਿੰਨ .30 ਬੋਰ ਦੇ ਪਿਸਤੌਲਾਂ ਅਤੇ 1 ਕਿਲੋ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਰਨਬੀਰ ਸਿੰਘ ਉਰਫ਼ ਕਰਨ ਦੇ ਖੁਲਾਸੇ ’ਤੇ ਪੁਲਸ ਨੇ ਗੁਰਭੇਜ ਸਿੰਘ ਉਰਫ਼ ਭੇਜਾ ਨੂੰ ਇਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।
ਸੀ. ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਨ੍ਹਾਂ ਖੇਪਾਂ ਨੂੰ ਇਲਾਕੇ ਦੇ ਅਪਰਾਧਿਕ ਅਨਸਰਾਂ ਨੂੰ ਡਲਿਵਰ ਕਰਦੇ ਸਨ।
ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਥਾਣਾ ਕੰਟੋਨਮੈਂਟ ਵਿਖੇ ਅਸਲਾ ਅਤੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਵਿਖੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।
Read More : ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ
