ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸੜਕਾਂ, ਸਟਰੀਟ ਲਾਈਟਾਂ ਸਮੇਤ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ
ਪਟਿਆਲਾ, 5 ਜੂਨ :- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ 2 ਮਹੀਨਿਆਂ ’ਚ ਪੂਰੀ ਤਰ੍ਹਾਂ ਕਾਇਆ ਕਲਪ ਕਰ ਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ-ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ।
ਇਹ ਪ੍ਰਗਟਾਵਾ ਉਨ੍ਹਾਂ ਨਗਰ ਨਿਗਮ ਦਫਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ ’ਤੇ ਵਿਚਾਰ-ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ’ਚ ਪਾਇਲਟ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐੱਮ. ਆਰ. ਐੱਫ. ਸੈਂਟਰ ’ਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ’ਚ ਬਣੇ ਸੈਕੰਡਰੀ ਗਾਰਬੇਜ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ।
ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ ’ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਕਰਨ ਦੇ ਕੰਮ ’ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ’ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜ਼ੇਸ਼ਨ ਕੀਤੀ ਜਾਵੇਗੀ। ਇਸ ਲਈ ਪਸ਼ੂਆਂ ਦੇ ਹਸਪਤਾਲ ’ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਨਲ ਦੀ ਗਿਣਤੀ ਵੀ 50 ਤੋਂ ਵਧਾ ਕੇ 200 ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹਿਰ ’ਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ, ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ ’ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰ ਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ।
ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ ’ਚ ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ-ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ’ਚ ਸ਼ੁਰੂ ਹੋ ਜਾਣਗੇ।
Read More : ਨਵੀਂ ਜ਼ਿਲਾ ਜੇਲ ਅੰਦਰ ਭਿੜੇ ਗੈਂਗਸਟਰ