Police Remembrance Day

ਪੁਲਸ ਦਰਪੇਸ਼ ਚੁਣੌਤੀਆਂ ਨੂੰ ਪੂਰੀ ਪ੍ਰਤੀਬੱਧਤਾ ਨਾਲ ਨਜਿੱਠਣ ਦੇ ਸਮਰੱਥ : ਡੀ.ਆਈ.ਜੀ.

ਪੁਲਸ ਯਾਦਗਾਰੀ ਦਿਹਾੜੇ ਮੌਕੇ ਪਟਿਆਲਾ ਪੁਲਸ ਲਾਈਨ ’ਚ ਸ਼ਰਧਾਂਜਲੀ ਸਮਾਰੋਹ

ਪਟਿਆਲਾ, 21 ਅਕਤੂਬਰ : ਪਟਿਆਲਾ ਰੇਂਜ ਦੇ ਡੀ. ਆਈ. ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅੱਜ ਪੁਲਸ ਲਾਈਨ ਪਟਿਆਲਾ ਦੀ ਪੁਲਸ ਲਾਈਨ ਵਿਖੇ ਸ਼ਹੀਦੀ ਸਮਾਰਕ ’ਤੇ ਪੁਲਸ ਤੇ ਅਰਧ-ਸੁਰੱਖਿਆ ਬਲਾਂ ਦੇ ਜਾਂਬਾਜ਼ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁਲਸ ਯਾਦਗਾਰੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

ਇਸ ਦੌਰਾਨ ਆਈ. ਏ. ਐੱਸ. ਵਿਨੇ ਬੁਬਲਾਨੀ, ਐੱਸ. ਐੱਸ. ਪੀ. ਵਰੁਣ ਸ਼ਰਮਾ, ਵਧੀਕ ਜ਼ਿਲਾ ਤੇ ਸੈਸ਼ਨਜ਼ ਜੱਜ ਹਰਿੰਦਰ ਸੰਧੂ, ਏ. ਡੀ. ਸੀ. (ਜ) ਸਿਮਰਪ੍ਰੀਤ ਕੌਰ ਸਮੇਤ ਪੁਲਸ ਦੇ ਸਾਬਕਾ ਅਤੇ ਮੌਜੂਦਾ ਅਧਿਕਾਰੀਆਂ ਤੇ ਸ਼ਹੀਦ ਪਰਿਵਾਰਾਂ ਨੇ ਸ਼ਹੀਦਾਂ ਦੀ ਸਮਾਧੀ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।

ਡੀ. ਆਈ. ਜੀ. ਚਾਹਲ ਨੇ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨੀ ਕਾਇਮ ਕਰਨ ਲਈ ਪੰਜਾਬ ਪੁਲਸ ਦੀ ਬਹੁਤ ਵੱਡੀ ਕੁਰਬਾਨੀ ਹੈ, ਜਦਕਿ ਮੌਜੂਦਾ ਦੌਰ ’ਚ ਵੀ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਨਾਲ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠਣ ਦੇ ਸਮਰੱਥ ਹੈ।

ਕੁਲਦੀਪ ਚਾਹਲ ਨੇ ਕਿਹਾ ਕਿ ਪੰਜਾਬ ਪੁਲਸ ਨੇ ਕਰੀਬ 10 ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸਮੇਤ ਕੁੱਲ 1784 ਸ਼ਹੀਦ ਹੋਏ, ਇਨ੍ਹਾਂ ’ਚ 157 ਸ਼ਹੀਦ ਇਕੱਲੀ ਪਟਿਆਲਾ ਰੇਂਜ ਦੀ ਪੁਲਸ ਦੇ ਸਨ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ।

ਡੀ. ਆਈ. ਜੀ. ਚਾਹਲ ਨੇ ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ ’ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲੱਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ. ਆਰ. ਪੀ. ਐੱਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ ’ਤੇ ਘਾਤ ਲਾ ਕੇ ਹਮਲਾ ਕਰਨ ਕਰ ਕੇ ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦੀਆਂ ਪਾ ਗਏ ਸਨ।

ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ, ਜਿਸ ਲਈ ਇਨ੍ਹਾਂ ਸ਼ਹੀਦ ਪਰਿਵਾਰਾਂ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ।

ਡੀ. ਐੱਸ. ਪੀ. (ਸਥਾਨਕ) ਨੇਹਾ ਅਗਰਵਾਲ ਨੇ ਪਿਛਲੇ ਇਕ ਸਾਲ ਦੌਰਾਨ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ’ਚ ਸ਼ਹੀਦ ਹੋਣ ਵਾਲੇ ਸਮੂਹ ਪੁਲਸ ਤੇ ਅਰਧ-ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਂ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਡੀ. ਐੱਸ. ਪੀ. ਹਰਸਿਮਰਨ ਸਿੰਘ ਦੀ ਅਗਵਾਈ ਹੇਠਲੀ ਪੁਲਸ ਟੁੱਕੜੀ ਨੇ ਸੋਗ ਤੇ ਸਲਾਮੀ ਸ਼ਾਸ਼ਤਰ ਅਤੇ 2 ਮਿੰਟ ਦਾ ਮੌਨ ਧਾਰਨ ਮਗਰੋਂ ਬਿਗਲਰ ਵੱਲੋਂ ਰਿਵਾਲੀ ਦੀ ਧੁਨ ਵਜਾਏ ਜਾਣ ਨਾਲ ਸ਼ਹੀਦਾਂ ਨੂੰ ਸਲਾਮੀ ਦਿੱਤੀ।

ਇਸ ਮੌਕੇ ਜ਼ਿਲਾ ਪੁਲਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਉਪਰੰਤ ਸ਼ਹੀਦ ਪਰਿਵਾਰਾਂ ਦੀਆਂ ਦੁੱਖ-ਤਕਲੀਫ਼ਾਂ ਵੀ ਸੁਣੀਆਂ ਗਈਆਂ। ਸਮਾਰੋਹ ਦੌਰਾਨ ਪਾਵਰ ਹਾਊਸ ਯੂਥ ਕਲੱਬ ਤੇ ਯੂਥ ਫੈੱਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਵੀ ਲਾਇਆ ਗਿਆ।

ਸਮਾਗਮ ਮੌਕੇ ਵਧੀਕ ਸੈਸ਼ਨਜ਼ ਜੱਜ ਹਰਿੰਦਰ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਸਾਬਕਾ ਆਈ. ਜੀ. ਪਰਮਜੀਤ ਸਿੰਘ ਗਿੱਲ ਤੇ ਅਮਰ ਸਿੰਘ ਚਾਹਲ, ਅਮਰਜੀਤ ਸਿੰਘ ਘੁੰਮਣ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Read More : ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੇ ਘਰ ਗੂੰਜੀਆਂ ਕਿਲਕਾਰੀਆਂ

Leave a Reply

Your email address will not be published. Required fields are marked *