ਰੋਜ਼ਗਾਰ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਸੀ ਪ੍ਰੇਸ਼ਾਨ
ਅੰਮ੍ਰਿਤਸਰ, 5 ਜਨਵਰੀ : ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸ਼ਹੂਰਾ ਵਿਚ ਗਰੀਬੀ ਅਤੇ ਬੇਰੋਜ਼ਗਾਰੀ ਤੋਂ ਤੰਗ ਇਕ ਪਿਤਾ ਨੇ ਆਪਣੀਆਂ ਦੋ ਮਾਸੂਮ ਧੀਆਂ ਸਮੇਤ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਦੇ ਚਾਚਾ ਅਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਲਵਪ੍ਰੀਤ ਸਿੰਘ ਲੰਮੇ ਸਮੇਂ ਤੋਂ ਰੋਜ਼ਗਾਰ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਘਟਨਾ ਵਾਲੇ ਦਿਨ ਲਵਪ੍ਰੀਤ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨੂੰ ਅਟਾਰੀ ਵਿਖੇ ਕੰਮ ’ਤੇ ਛੱਡ ਕੇ ਘਰ ਵਾਪਸ ਆਇਆ। ਘਰ ਆਉਂਦਿਆਂ ਹੀ ਉਸ ਨੇ ਜ਼ਹਿਰੀਲੀ ਦਵਾਈ ਖੁਦ ਵੀ ਪੀ ਲਈ ਅਤੇ ਆਪਣੀਆਂ ਦੋ ਮਾਸੂਮ ਧੀਅਾਂ ਜਸਪ੍ਰੀਤ ਕੌਰ (8 ਸਾਲ) ਅਤੇ ਵੀਰਪਾਲ ਕੌਰ (6 ਸਾਲ) ਨੂੰ ਵੀ ਪਿਲਾ ਦਿੱਤੀ।
ਤਿੰਨਾਂ ਦੀ ਹਾਲਤ ਖ਼ਰਾਬ ਹੁੰਦੀ ਦੇਖ ਪਰਿਵਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਜ਼ਹਿਰ ਜ਼ਿਆਦਾ ਫੈਲ ਜਾਣ ਕਾਰਨ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ ਅਤੇ ਤਿੰਨਾਂ ਦੀ ਮੌਤ ਹੋ ਗਈ।
ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
Read More : ਨੌਜਵਾਨਾਂ ’ਚ ਟਕਰਾਅ, 3 ਬੱਚਿਆਂ ਦੇ ਪਿਓ ਦੀ ਗੋਲੀਆਂ ਮਾਰ ਕੇ ਹੱਤਿਆ
