ਰੀਨਾ ਗੁਪਤਾ ਦੀ ਪ੍ਰਧਾਨਗੀ ਹੇਠ 268 ਅਧਿਕਾਰੀਆਂ ਨੇ ਨਵੇਂ ਵਾਤਾਵਰਣ ਨਿਯਮਾਂ ਦੀ ਸਿੱਖੀ ਗੁਰ; 1 ਅਪ੍ਰੈਲ ਤੋਂ ਹੋਣਗੇ ਲਾਗੂ।
ਚੰਡੀਗੜ੍ਹ, 31 ਮਾਰਚ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਸ੍ਰੀਮਤੀ ਰੀਨਾ ਗੁਪਤਾ ਦੀ ਪ੍ਰਧਾਨਗੀ ਹੇਠ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਨਵੇਂ ‘ਠੋਸ ਰਹਿੰਦ-ਖੂੰਹਦ ਪ੍ਰਬੰਧਨ (ਐਸਡਬਲਯੂਐਮ) ਨਿਯਮ, 2026’ ਸਬੰਧੀ ਇੱਕ ਵਿਆਪਕ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਗਈ। ਇਸ ਪਹਿਲ ਦਾ ਮੁੱਖ ਉਦੇਸ਼ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸੋਧੇ ਗਏ ਨਿਯਮਾਂ ਬਾਰੇ ਜਾਗਰੂਕਤਾ ਵਧਾਉਣਾ ਅਤੇ ਇਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ।
ਨਵੇਂ ਨੋਟੀਫਾਈ ਕੀਤੇ ਗਏ ਇਹ ਨਿਯਮ 1 ਅਪ੍ਰੈਲ, 2026 ਤੋਂ ਲਾਗੂ ਹੋਣਗੇ, ਜੋ ਕਿ 2016 ਦੇ ਪੁਰਾਣੇ ਢਾਂਚੇ ਵਿੱਚ ਵੱਡੀਆਂ ਤਬਦੀਲੀਆਂ ਕਰਦੇ ਹਨ। ਇਨ੍ਹਾਂ ਨਿਯਮਾਂ ਵਿੱਚ ਵਿਗਿਆਨਕ ਰਹਿੰਦ-ਖੂੰਹਦ ਪ੍ਰਬੰਧਨ, ਸਰੋਤਾਂ ‘ਤੇ ਕੂੜੇ ਦੇ ਨਿਖੇੜੇ ਅਤੇ ਭਾਈਵਾਲਾਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਵਰਕਸ਼ਾਪ ਵਿੱਚ ਸ਼ਹਿਰੀ ਸਥਾਨਕ ਇਕਾਈਆਂ ਦੇ ਕਾਰਜਕਾਰੀ ਅਧਿਕਾਰੀ, ਨੋਡਲ ਅਫਸਰ, ਪ੍ਰੋਗਰਾਮ ਕੋਆਰਡੀਨੇਟਰ ਅਤੇ ਪੀਪੀਸੀਬੀ ਦੇ ਮਾਹਿਰਾਂ ਸਮੇਤ ਕੁੱਲ 268 ਅਧਿਕਾਰੀਆਂ ਨੇ ਹਿੱਸਾ ਲਿਆ।
ਸਿਖਲਾਈ ਦੌਰਾਨ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਟੀਆਈਈਟੀ) ਦੇ ਸਹਾਇਕ ਪ੍ਰੋਫੈਸਰ ਡਾ. ਧਮੋਧਰਨ ਕੇ. ਨੇ ਮੁੱਖ ਪ੍ਰਬੰਧਾਂ ਅਤੇ ਵਿਹਾਰਕ ਚੁਣੌਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸੇ ਤਰ੍ਹਾਂ ਪੀਪੀਸੀਬੀ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਸ੍ਰੀ ਅਕਸ਼ਿਤ ਕਪਿਲ ਨੇ ਸੋਧੇ ਹੋਏ ਨਿਯਮਾਂ ਦੇ ਖੇਤਰੀ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ।
ਇਹ ਵਰਕਸ਼ਾਪ ਪੰਜਾਬ ਵਿੱਚ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਰੈਗੂਲੇਟਰੀ ਢਾਂਚੇ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਵੱਲ ਇੱਕ ਅਹਿਮ ਕਦਮ ਹੈ।
Read More : ਮਨਜਿੰਦਰ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ; SC/ST ਮਾਮਲੇ ‘ਚ ਹੋਏ ਬਰੀ
