ਅੰਮ੍ਰਿਤਸਰ, 17 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਗਸਤ ਨੂੰ ਲਾਲ ਕਿਲੇ ’ਤੇ ਹੋ ਰਹੇ ਸਮਾਗਮ ਵਿਚ ਵਿਸ਼ੇਸ਼ ਸੱਦੇ ’ਤੇ ਗਏ ਨਾਭਾ ਨੇੜਲੇ ਪਿੰਡ ਦੇ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ ਦਾਖਲ ਹੋਣ ਤੋਂ ਰੋਕਣ ਦੀ ਸਖਤ ਨਿੰਦਾ ਕਰਦਿਆਂ ਇਸ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਗੁਰਧਿਆਨ ਸਿੰਘ ਨੂੰ ਵਿਸ਼ੇਸ਼ ਸੱਦੇ ’ਤੇ ਬੁਲਾਇਆ ਹੋਣ ਦੇ ਬਾਵਜੂਦ ਵੀ ਧਾਰਮਿਕ ਚਿੰਨ੍ਹ ਕਿਰਪਾਨ ਕਾਰਨ ਅੰਦਰ ਜਾਣ ਤੋਂ ਰੋਕਣਾ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਵਾਲਾ ਵਿਹਾਰ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਦੇਸ਼ ਅਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਸਿੱਖਾਂ ਨਾਲ ਹਮੇਸ਼ਾ ਵਿਤਕਰੇ ਹੋ ਰਹੇ ਹਨ। ਦੇਸ਼ ਦੇ ਸੰਵਿਧਾਨ ਵਿਚ ਮਿਲੇ ਹੱਕਾਂ ਤੋਂ ਵੀ ਸਿੱਖਾਂ ਨੂੰ ਵਾਂਝਿਆਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਕਿਹੋ ਜਿਹਾ ਅਜ਼ਾਦੀ ਦਿਹਾੜਾ ਹੈ ਜਿਸ ਵਿਚ ਦੇਸ਼ ਦੇ ਬਸ਼ਿੰਦਿਆਂ ਨੂੰ ਆਪਣੀਆਂ ਧਾਰਮਿਕ ਪਰੰਪਰਾਵਾਂ ਨਿਭਾਉਣ ਤੋਂ ਵੀ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਜਿਸ ਨੂੰ ਸਿੱਖ ਕਦੇ ਵੀ ਜੁਦਾ ਨਹੀਂ ਕਰ ਸਕਦਾ।
ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਖਾਂ ਨੂੰ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੇ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰੇ।
Read More : ਸਰਪੰਚ ਗੁਰਧਿਆਨ ਸਿੰਘ ਨੂੰ ਲਾਲ ਕਿਲ੍ਹੇ ’ਚ ਨਹੀਂ ਮਿਲੀ ਐਂਟਰੀ