ਅੰਮ੍ਰਿਤਸਰ, 27 ਜੁਲਾਈ : ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਪੇਪਰ ਦੇਣ ਪਹੁੰਚੀ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ ਕੜਾ ਉਤਾਰਨ ਲਈ ਆਖਣ ਅਤੇ ਪ੍ਰੀਖਿਆ ’ਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ’ਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇਕ ਬੱਚੀ ਪ੍ਰੀਖਿਆ ਤੋਂ ਵਾਂਝੀ ਰਹਿ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਵਿਚ ਕੁਝ ਵਿਦਿਆਰਥੀਆਂ ਨਾਲ ਅਜਿਹਾ ਵਰਤਾਰਾ ਹੋਇਆ ਸੀ, ਜਿਸ ’ਤੇ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਉਥੋਂ ਦੇ ਪ੍ਰਸ਼ਾਸਨ ਨਾਲ ਗੱਲ ਕੀਤੀ ਸੀ ਅਤੇ ਅਗੋਂ ਅਜਿਹਾ ਨਾ ਹੋਵੇ ਇਸ ਦਾ ਧਿਆਨ ਰੱਖਣ ਲਈ ਕਿਹਾ ਸੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ’ਚ ਅੰਮ੍ਰਿਤਧਾਰੀ ਸਿੱਖਾਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਖਰੇਵਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇਕ ਵਫਦ ਰਾਜਸਥਾਨ ਭੇਜਿਆ ਜਾਵੇਗਾ, ਜੋ ਇਸ ਮਾਮਲੇ ਸਬੰਧੀ ਰਾਜਸਥਾਨ ਸਰਕਾਰ ਨਾਲ ਗੱਲਬਾਤ ਕਰੇਗਾ।
Read More : ਸੰਯੁਕਤ ਅਰਬ ਅਮੀਰਾਤ ਵਿਚ ਹੋਵੇਗਾ ਏਸ਼ੀਆ ਕੱਪ
