easy land registry

ਜ਼ਮੀਨ-ਜਾਇਦਾਦ ਦੀ ਈਜ਼ੀ ਰਜਿਸਟਰੀ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ

ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫੈਸਲਾ

ਫਤਹਿਗੜ੍ਹ ਸਾਹਿਬ, 27 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਦੇ ਗਵਾਹ ਬਣਨ ਵਾਲੇ ਸਾਰੇ ਲੋਕਾਂ ਦਾ ਸਵਾਗਤ ਕੀਤਾ।

ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਗੁੰਝਲਦਾਰ ਅਤੇ ਸਮਾਂ ਬਰਬਾਦ ਕਰਨ ਵਾਲੀ ਪ੍ਰਕਿਰਿਆ ਮੰਨਿਆ ਜਾਂਦਾ ਰਿਹਾ ਹੈ, ਜਿਸ ਲਈ ਅਕਸਰ ਸਬ-ਰਜਿਸਟਰਾਰ ਦਫਤਰਾਂ ਵਿਚ ਵਾਰ-ਵਾਰ ਗੇੜੇ ਲਾ ਕੇ ਖੱਜਲ-ਖੁਆਰ ਹੋਣਾ ਪੈਂਦਾ ਸੀ ਅਤੇ ਦੇਰੀ ਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਲਈ ਸਬੰਧਤ ਸਬ-ਰਜਿਸਟਰਾਰ ਦਫਤਰ ਜਾਣਾ ਪੈਂਦਾ ਸੀ, ਜਿਸ ਨਾਲ ਵਾਧੂ ਬੋਝ ਅਤੇ ਅਸੁਵਿਧਾ ਪੈਦਾ ਹੁੰਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ‘ਸੁਖਾਲੀ ਰਜਿਸਟਰੀ’ ਦੀ ਵਿਵਸਥਾ ਲਾਗੂ ਹੋ ਜਾਣ ਨਾਲ ਪੰਜਾਬ ਵਿਚ ਜਾਇਦਾਦ ਦੀ ਰਜਿਸਟ੍ਰੇਸ਼ਨ ਸੌਖੀ, ਤੇਜ਼ ਅਤੇ ਪਾਰਦਰਸ਼ਤਾ ਦੇ ਇਕ ਨਵੇਂ ਯੁੱਗ ਵਿਚ ਪ੍ਰਵੇਸ਼ ਕਰ ਗਈ ਹੈ। ਉਨ੍ਹਾਂ ਕਿਹਾ ਕਿ ‘ਈਜ਼ੀ ਰਜਿਸਟਰੀ’ ਪ੍ਰਣਾਲੀ ਨਾਗਰਿਕਾਂ ਲਈ ਬੇਲੋੜੀ ਦੇਰੀ ਅਤੇ ਖੱਜਲ-ਖੁਆਰੀ ਨੂੰ ਖਤਮ ਕਰੇਗੀ।

ਉਨ੍ਹਾਂ ਕਿਹਾ ਕਿ ਭਾਰਤ ਵਿਚ ਪਹਿਲੀ ਵਾਰ ਹੈ ਜਦੋਂ ਕਿਸੇ ਸੂਬੇ ਨੇ ਜਾਇਦਾਦ ਰਜਿਸਟ੍ਰੇਸ਼ਨ ਨੂੰ ਸਰਲ ਬਣਾਉਣ ਵੱਲ ਅਜਿਹਾ ਕਦਮ ਚੁੱਕਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਪਹਿਲ ਕਦਮੀ ਤਹਿਤ ਇਕ ਜ਼ਿਲੇ ਦੇ ਅੰਦਰ ਕੋਈ ਵੀ ਸਬ-ਰਜਿਸਟਰਾਰ ਦਫਤਰ, ਉਸ ਜ਼ਿਲੇ ਦੇ ਕਿਸੇ ਵੀ ਹੋਰ ਇਲਾਕੇ ਵਿਚ ਪੈਂਦੀ ਜਾਇਦਾਦਾਂ ਨੂੰ ਰਜਿਸਟਰ ਕਰਨ ਦੇ ਯੋਗ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ 500 ਰੁਪਏ ਦੀ ਮਾਮੂਲੀ ਫੀਸ ਦੇ ਕੇ ‘ਸੇਲ ਡੀਡ’ ਆਨਲਾਈਨ ਜਾਂ ਸੇਵਾ ਕੇਂਦਰਾਂ ਰਾਹੀਂ ਤਿਆਰ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਸਕੀਮ ਤਹਿਤ ਲੋਕ ਇਸ ਸੇਵਾ ਦਾ ਲਾਭ ਲੈਣ ਲਈ ਹੈਲਪਲਾਈਨ ਨੰਬਰ-1076 ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਨੂੰ ਸਿਰਫ਼ 48 ਘੰਟਿਆਂ ਦੇ ਅੰਦਰ ਆਨਲਾਈਨ ਜਮ੍ਹਾਂ ਕਰਵਾਉਣਾ ਸੰਭਵ ਹੋਵੇਗਾ।

ਉਨ੍ਹਾਂ ਕਿਹਾ ਕਿ ਤਹਿਸੀਲਦਾਰ ਹੁਣ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ’ਤੇ ਬੇਲੋੜੇ ਇਤਰਾਜ਼ ਨਹੀਂ ਉਠਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ 48 ਘੰਟਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ ਅਤੇ ਜੇਕਰ ਕੋਈ ਇਤਰਾਜ਼ ਉਠਾਇਆ ਜਾਂਦਾ ਹੈ ਤਾਂ ਇਸ ਨੂੰ ਤੁਰੰਤ ਸਬੰਧਤ ਡਿਪਟੀ ਕਮਿਸ਼ਨਰ ਕੋਲ ਭੇਜਿਆ ਜਾਵੇਗਾ, ਜੋ ਇਹ ਤਸਦੀਕ ਕਰਨਗੇ ਕਿ ਇਤਰਾਜ਼ ਸਹੀ ਹੈ ਜਾਂ ਨਹੀਂ।

Read More : ਲਾਰੈਂਸ ਗੈਂਗ ਦੇ 4 ਕਾਰਕੁਨ ਗ੍ਰਿਫ਼ਤਾਰ, 7 ਪਿਸਤੌਲ ਬਰਾਮਦ

Leave a Reply

Your email address will not be published. Required fields are marked *