ਅੱਜ ਵਿਧਾਨ ਸਭਾ ਵਿਚ ਪੇਸ਼ ਹੋ ਸਕਦਾ ਹੈ ਬਿੱਲ
ਚੰਡੀਗੜ੍ਹ l4 ਜੁਲਾਈ : ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਦੌਰਾਨ ਇਤਿਹਾਸਕ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿਚ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ। ਇਹ ਬਿੱਲ ਅੱਜ ਹੀ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾ ਸਕਦਾ ਹੈ ਅਤੇ ਫਿਰ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਸੰਗਠਨਾਂ ਅਤੇ ਆਮ ਲੋਕਾਂ ਤੋਂ ਰਾਇ ਵੀ ਲਈ ਜਾਵੇਗੀ।
ਇਸ ਬਾਰੇ ਜਾਣਕਾਰੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੇ ਦਿੰਦਿਆ ਕਿਹਾ ਕਿ ਇਸ ਵੇਲੇ ਬੇਅਦਬੀ ਵਰਗੇ ਮਾਮਲਿਆਂ ਲਈ ਭਾਰਤੀ ਨਿਆਂ ਸੰਹਿਤਾ ਦੀ ਧਾਰਾ 298 ਅਤੇ 299 ਤਹਿਤ ਵੱਧ ਤੋਂ ਵੱਧ ਤਿੰਨ ਸਾਲ ਦੀ ਸਜ਼ਾ ਦੀ ਵਿਵਸਥਾ ਹੈ। ਪਰ ਪੰਜਾਬ ਸਰਕਾਰ ਇਸ ਸਜ਼ਾ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਵਧਾਉਣ ਦਾ ਪ੍ਰਸਤਾਵ ਰੱਖ ਰਹੀ ਹੈ।
ਇਸ ਦੇ ਨਾਲ ਹੀ ਸਰਕਾਰ ਕਾਨੂੰਨ ਵਿਚ ਅਜਿਹੇ ਪ੍ਰਬੰਧ ਜੋੜਨਾ ਚਾਹੁੰਦੀ ਹੈ ਤਾਂ ਜੋ ਨਾ ਸਿਰਫ਼ ਦੋਸ਼ੀ ਨੂੰ ਸਗੋਂ ਉਸ ਦੇ ਪਰਿਵਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾ ਸਕੇ। ਮਕਸਦ ਇਹ ਹੈ ਕਿ ਕੋਈ ਦੁਬਾਰਾ ਅਜਿਹੀ ਕਾਰਵਾਈ ਬਾਰੇ ਸੋਚ ਵੀ ਨਾ ਸਕੇ।
ਇਸ ਕੈਬਨਿਟ ਮੀਟਿੰਗ ਵਿਚ ਕਾਨੂੰਨ ਸੰਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਇਹ ਪੰਜਾਬ ਵਿਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਹੁਣ ਤੱਕ ਦਾ ਸਭ ਤੋਂ ਸਖ਼ਤ ਕਦਮ ਮੰਨਿਆ ਜਾਵੇਗਾ।