ਕੈਬਨਿਟ ਮੰਤਰੀ ਨੇ ਨਗਰ ਪੰਚਾਇਤ ਦਫ਼ਤਰ ਖਨੌਰੀ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਮੂਨਕ, 29 ਜੂਨ –: ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਗਰ ਪੰਚਾਇਤ ਦਫ਼ਤਰ ਖਨੌਰੀ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਸਾਰ ਕਈ ਮੁਸ਼ਕਲਾਂ ਮੌਕੇ ਉੱਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਹੱਲ ਕਰਵਾਈਆਂ ਅਤੇ ਬਾਕੀਆਂ ਦੇ ਹੱਲ ਲਈ ਅਗਲੇਰੀ ਕਾਰਵਾਈ ਆਰੰਭ ਕਰਵਾਈ।
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਪਾਰਕਾਂ, ਸ਼ਮਸ਼ਾਨਘਾਟਾਂ ਤੇ ਕਬਰਸਤਾਨਾਂ, ਪਾਣੀ ਦੀ ਨਿਕਾਸੀ ਅਤੇ ਸਕੂਲਾਂ ਸਬੰਧੀ ਵੱਡੇ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ ਇਕ ਬੁੰਦ ਕਿਸਾਨਾਂ ਦੇ ਖੇਤਾਂ ਤਕ ਪੁਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਇਸੇ ਲੜੀ ਤਹਿਤ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਜ਼ਮੀਨਦੋਜ਼ ਪਾਈਪਾਂ ਪਾਉਣ ਅਤੇ ਖਾਲੇ ਬਣਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਖਨੌਰੀ ਵਿਖੇ ਜਿਹੜੇ ਵੀ ਵਿਕਾਸ ਕਾਰਜ ਬਕਾਇਆ ਹਨ, ਉਹ ਹਰ ਹਾਲ ਤੈਅ ਸਮੇਂ ਵਿੱਚ ਪੂਰੇ ਕੀਤੇ ਜਾਣਗੇ। ਨਗਰ ਦੀ ਸਾਫ ਸਫਾਈ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਜਿਵੇਂ ਹੀ ਇਸ ਨਗਰ ਬਾਬਤ ਪ੍ਰੋਜੈਕਟ ਪੂਰੇ ਹੋਣਗੇ, ਇਸ ਨਗਰ ਦੀ ਦਸ਼ਾ ਪੂਰੀ ਤਰ੍ਹਾਂ ਬਦਲ ਜਾਵੇਗੀ। ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਸਾਰੇ ਮਹਿਕਮਿਆਂ ਦੇ ਅਧਿਕਾਰੀ, ਟਰੱਕ ਯੂਨੀਅਨ ਦੇ ਪ੍ਰਧਾਨ ਬੀਰਭਾਨ ਕਾਂਸਲ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹੋਰ ਹਾਜ਼ਰ ਸਨ।
Read More : ਕਾਂਗਰਸ, ਅਕਾਲੀ ਤੇ ਭਾਜਪਾ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਸਿਰਫ਼ ਵਿਨਾਸ਼ ਵੱਲ ਧੱਕਿਆ : ਸਿਸੋਦੀਆ