ਡਾ. ਬਲਜੀਤ ਕੌਰ ਨੇ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਲਈ ਫੰਡ ਕੀਤੇ ਜਾਰੀ; ਵਿਆਹ ਲਈ 51,000 ਰੁਪਏ ਦੀ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਹੋਵੇਗੀ ਜਮ੍ਹਾਂ
ਚੰਡੀਗੜ੍ਹ, 8 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਸਾਂਝੀ ਕੀਤੀ ਕਿ ਵਿੱਤੀ ਸਾਲ 2025-26 ਦੌਰਾਨ ‘ਅਸ਼ੀਰਵਾਦ ਸਕੀਮ’ ਤਹਿਤ 15 ਜ਼ਿਲ੍ਹਿਆਂ ਦੇ 2,777 ਯੋਗ ਲਾਭਪਾਤਰੀਆਂ ਲਈ 14.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਪਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਉਹ ਆਪਣੀਆਂ ਧੀਆਂ ਦਾ ਵਿਆਹ ਸਨਮਾਨ ਨਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸਏਐਸ ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਸਮੇਤ 15 ਜ਼ਿਲ੍ਹਿਆਂ ਦੇ 2,777 ਯੋਗ ਲਾਭਪਾਤਰੀਆਂ ਨੂੰ ਇਹ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਜ਼ਿਲ੍ਹਾਵਾਰ ਵੇਰਵੇ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 351, ਬਰਨਾਲਾ ਵਿੱਚ 37, ਫਰੀਦਕੋਟ ਵਿੱਚ 59, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 46, ਗੁਰਦਾਸਪੁਰ ਵਿੱਚ 523, ਹੁਸ਼ਿਆਰਪੁਰ ਵਿੱਚ 354, ਜਲੰਧਰ ਵਿੱਚ 24, ਲੁਧਿਆਣਾ ਵਿੱਚ 62, ਮੋਗਾ ਵਿੱਚ 42, ਸ੍ਰੀ ਮੁਕਤਸਰ ਸਾਹਿਬ ਵਿੱਚ 107, ਪਟਿਆਲਾ ਵਿੱਚ 519, ਐਸਏਐਸ ਨਗਰ ਵਿੱਚ 79, ਸੰਗਰੂਰ ਵਿੱਚ 164, ਮਲੇਰਕੋਟਲਾ ਵਿੱਚ 155 ਅਤੇ ਤਰਨਤਾਰਨ ਵਿੱਚ 255 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮਿਲੀ ਹੈ।
ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ 51,000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਅਤੇ ਬੀਪੀਐਲ ਪਰਿਵਾਰ ਨਾਲ ਸਬੰਧਤ ਹੋਣਾ ਚਾਹੀਦਾ ਹੈ। ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਦਾ ਲਾਭ ਲੈ ਸਕਦੀਆਂ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਰਜ਼ੀ ਪ੍ਰਕਿਰਿਆ ਨੂੰ ਪਾਰਦਰਸ਼ੀ ਰੱਖਿਆ ਜਾਵੇ ਅਤੇ ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣ।
Read More : ਗਮਾਡਾ ਦੀ ਈ-ਨਿਲਾਮੀ ਨੇ ਰਚਿਆ ਇਤਿਹਾਸ: 3,136.97 ਕਰੋੜ ਦੀ ਬੰਪਰ ਕਮਾਈ
