ਪੰਜਾਬ ’ਚ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ
ਅੰਮ੍ਰਿਤਸਰ, 4 ਸਤੰਬਰ : ਪੰਜਾਬ ’ਚ ਆਏ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਨੂੰ ਦੇਸ਼ ਦਾ ਮਾਣ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ’ਤੇ ਕੋਈ ਸੰਕਟ ਆਇਆ ਤਾਂ ਸਭ ਤੋਂ ਪਹਿਲਾਂ ਪੰਜਾਬ ਨੇ ਹਰ ਸੰਕਟ ਨੂੰ ਆਪਣੇ ਸੀਨੇ ’ਤੇ ਹੰਢਾਇਆ ਹੈ।
ਉਨ੍ਹਾਂ ਕਿਹਾ ਪੰਜਾਬ ਇਸ ਸਮੇਂ ਬਹੁਤ ਵੱਡੇ ਸੰਕਟ ਵਿਚੋਂ ਲੰਘ ਰਿਹਾ ਹੈ ਅਤੇ ਪੰਜਾਬ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ, ਜਿੱਥੇ ਪੰਜਾਬ ਦੇ ਲੋਕਾਂ ਦੇ ਘਰਾਂ, ਪਸ਼ੂਆਂ ਅਤੇ ਖੇਤੀਬਾੜੀ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਹੈ। ਇਸ ਸਮੇਂ ਕੇਂਦਰੀ ਮੰਤਰੀ ਰਵਨੀਤ ਬਿੱਟੂ, ਸੁਨੀਲ ਜਾਖੜ ਅਤੇ ਪਾਰਟੀ ਦੇ ਹੋਰ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ।
ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਜਾਨ-ਮਾਲ, ਫਸਲਾਂ ਅਤੇ ਬੁਨਿਆਦੀ ਢਾਂਚੇ ਦੇ ਹੋਏ ਵਿਆਪਕ ਨੁਕਸਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ, ਫੌਜ, ਐੱਨ.ਡੀ.ਆਰ.ਐੱਫ. ਅਤੇ ਹੋਰ ਏਜੰਸੀਆਂ ਵੱਲੋਂ ਸਾਂਝੇ ਤੌਰ ’ਤੇ ਚਲਾਏ ਜਾ ਰਹੇ ਰਾਹਤ ਕਾਰਜਾਂ ਅਤੇ ਪੁਨਰਵਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਜਨਾਲਾ ਵਿਚ ਹੜ੍ਹ ਨਾਲ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਲਈ ਪਹਿਲੇ ਪੜਾਅ ਵਿਚ 2000 ਕਰੋੜ ਰੁਪਏ ਰਾਹਤ ਪੈਕਜ ਦੇਣ ਲਈ ਮੰਗ ਪੱਤਰ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਦੇ ਬਕਾਇਆ 60,000 ਕਰੋੜ ਰੁਪਏ ਕੇਂਦਰ ਸਰਕਾਰ ਤੋਂ ਤੁਰੰਤ ਜਾਰੀ ਕਰਵਾਉਣ ਲਈ ਵੀ ਮੰਗ ਪੱਤਰ ਦਿੱਤਾ ਗਿਆ ਹੈ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਪੈਸੇ ਦੀ ਬਹੁਤ ਲੋੜ ਹੈ।
Read More : ਪੁਲਸ ਨੇ ਗੈਂਗਸਟਰ ਸ਼ੋਅ ਕਰ ਕੇ ਮੇਰਾ ਐਨਕਾਊਂਟਰ ਕਰਨਾ ਚਾਹੁੰਦੀ ਸੀ : ਪਠਾਣਮਾਜਰਾ