ਬਟਾਲਾ

ਪੰਜਾਬ ਪੁਲਸ ਨੇ 12,275 ਥਾਵਾਂ ’ਤੇ ਛਾਪੇਮਾਰੀ ਕਰ ਕੇ 3700 ਨੂੰ ਗ੍ਰਿਫ਼ਤਾਰ ਕੀਤਾ : ਡੀਜੀਪੀ

ਬਟਾਲਾ, 31 ਜਨਵਰੀ : ਅੱਜ ਬਟਾਲਾ ’ਚ ਸੂਬੇ ਦੇ ਸਰਹੱਦੀ ਜ਼ਿਲਿਆਂ ਦੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਆਪ੍ਰੇਸ਼ਨ ਪ੍ਰਹਾਰ ਦੀ ਸਮੀਖਿਆ ਮੀਟਿੰਗ ਕਰਨ ਤੋਂ ਬਾਅਦ ਆਯੋਜਿਤ ਪ੍ਰੈੱਸ ਕਾਨਫਰੰਸ ’ਚ ਸੰਬੋਧਨ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਆਪ੍ਰੇਸ਼ਨ ਪ੍ਰਹਾਰ ਤਹਿਤ ਪਿਛਲੇ ਦਸ ਦਿਨਾਂ ’ਚ ਪੰਜਾਬ ਭਰ ’ਚ ਬੇਮਿਸਾਲ ਕਾਰਵਾਈ ਕੀਤੀ ਗਈ ਹੈ।

ਪੁਲਸ ਨੇ 12,275 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕੀਤੀ। ਇਨ੍ਹਾਂ ਆਪ੍ਰੇਸ਼ਨਾਂ ਦੌਰਾਨ ਸ਼ੱਕੀ ਗਤੀਵਿਧੀਆਂ ਦੇ ਆਧਾਰ ’ਤੇ ਲਗਭਗ ਅੱਠ ਹਜ਼ਾਰ ਲੋਕਾਂ ਨੂੰ ਰਾਊਂਡ ਅਪ ਕਰ ਕੇ ਪੁੱਛਗਿੱਛ ਕੀਤੀ ਗਈ। ਇਨ੍ਹਾਂ ’ਚੋਂ ਲਗਭਗ 3,700 ਲੋਕਾਂ ਨੂੰ ਵੱਖ-ਵੱਖ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਲਗਭਗ 1,700 ਵਿਅਕਤੀਆਂ ਨੂੰ ਵੱਖ-ਵੱਖ ਕਾਨੂੰਨੀ ਧਾਰਾਵਾਂ ਤਹਿਤ ਹਿਰਾਸਤ ’ਚ ਲਿਆ ਗਿਆ ਹੈ।

ਇਸ ਸਮੇਂ ਦੌਰਾਨ 104 ਹਥਿਆਰ ਅਤੇ 95 ਵਾਹਨ ਜ਼ਬਤ ਕੀਤੇ ਗਏ। ਉਨ੍ਹਾਂ ਕਿਹਾ ਕਿ ਸੂਬੇ ’ਚ ਸ਼ੁਰੂ ਕੀਤੀ ਗਈ ਗੈਂਗਸਟਰ ਵਿਰੋਧੀ ਮੁਹਿੰਮ ਪੂਰੀ ਤਰ੍ਹਾਂ ਸਫਲ ਰਹੀ ਹੈ, ਜਿਸ ਦੇ ਨਤੀਜੇ ਵਜੋਂ ਦੇਸ਼ ਭਰ ’ਚੋਂ ਕਈ ਬਦਨਾਮ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਗੈਂਗਸਟਰਾਂ ਵਿਰੁੱਧ ਇਹ ਮੁਹਿੰਮ ਬੇਰੋਕ ਜਾਰੀ ਰਹੇਗੀ।

ਡੀ.ਜੀ.ਪੀ. ਨੇ ਇਹ ਵੀ ਕਿਹਾ ਕਿ ਗੈਂਗਸਟਰ, ਭਾਵੇਂ ਉਹ ਦੁਨੀਆ ’ਚ ਕਿਤੇ ਵੀ ਹੋਣ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਨਾਗਰਿਕਾਂ ਦੀ ਭਾਈਵਾਲੀ ਵਧਾਉਣ ਲਈ, ਪੁਲਸ ਨੇ ਇਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਇਸ ਹੈਲਪਲਾਈਨ ਰਾਹੀਂ, ਲੋਕ ਗੈਂਗਸਟਰ ਗਤੀਵਿਧੀਆਂ, ਹਥਿਆਰਾਂ ਦੀ ਸਮੱਗਲਿੰਗ, ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਜਾਂ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਸ ਮਹੱਤਵਪੂਰਨ ਸਮੀਖਿਆ ਮੀਟਿੰਗ ’ਚ ਬਟਾਲਾ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ (ਦਿਹਾਤੀ) ਦੇ ਐੱਸ.ਐਸ.ਪੀਜ਼, ਇੰਸਪੈਕਟਰ ਜਨਰਲ ਅਤੇ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ, ਅਤੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਸਮੇਤ ਕਈ ਸੀਨੀਅਰ ਪੁਲਸ ਅਧਿਕਾਰੀ ਸ਼ਾਮਲ ਹੋਏ।

Read More : ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ : ਹਰਪਾਲ ਚੀਮਾ

Leave a Reply

Your email address will not be published. Required fields are marked *