Punjab-Vidhan-Sabha

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੰਗਾਮੇ ਨਾਲ ਸ਼ੁਰੂ

ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸ ਵੱਲੋਂ ਨਾਅਰੇਬਾਜ਼ੀ

ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਗਾਜ਼ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਇਆ, ਪਰ ਸੈਸ਼ਨ ਸ਼ੁਰੂ ਹੁੰਦੇ ਹੀ ਸਦਨ ਵਿੱਚ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਜਿਵੇਂ ਹੀ ਰਾਜਪਾਲ ਨੇ “ਸਤਿ ਸ੍ਰੀ ਅਕਾਲ” ਨਾਲ ਆਪਣਾ ਭਾਸ਼ਣ ਸ਼ੁਰੂ ਕੀਤਾ, ਕਾਂਗਰਸੀ ਵਿਧਾਇਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਰਾਜਪਾਲ ਵੱਲੋਂ ਵਾਰ-ਵਾਰ ਰੋਕਣ ਦੇ ਬਾਵਜੂਦ ਵਿਰੋਧੀ ਧਿਰ ਦਾ ਪ੍ਰਦਰਸ਼ਨ ਜਾਰੀ ਰਿਹਾ।

ਹੰਗਾਮੇ ਦੇ ਦਰਮਿਆਨ ਰਾਜਪਾਲ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਹੁਣ ‘ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ’ ਤਹਿਤ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਕੈਂਸਰ ਦਾ ਮੁਫ਼ਤ ਇਲਾਜ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੱਤੀ ਕਿ ਬਜਟ ਨੂੰ ਪ੍ਰਵਾਨਗੀ ਮਿਲ ਚੁੱਕੀ ਹੈ ਅਤੇ ਇਹ 8 ਮਾਰਚ ਨੂੰ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਜਟ ਵਿੱਚ ਸਰਕਾਰ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦਾ ਆਪਣਾ ਵੱਡਾ ਚੋਣ ਵਾਅਦਾ ਪੂਰਾ ਕਰਨ ਜਾ ਰਹੀ ਹੈ, ਜਿਸ ਦੀ ਵੰਡ 18 ਮਾਰਚ ਤੋਂ ਸ਼ੁਰੂ ਹੋਵੇਗੀ।

ਦੂਜੇ ਪਾਸੇ, ਵਿਧਾਨ ਸਭਾ ਦੇ ਬਾਹਰ ਵੀ ਸਿਆਸੀ ਮਾਹੌਲ ਗਰਮ ਰਿਹਾ। ਕਾਂਗਰਸੀ ਮੈਂਬਰਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਕਾਂਗਰਸ ਅਤੇ ‘ਆਪ’ ਵਿਚਾਲੇ “ਬੈਂਡ-ਵਾਜਿਆਂ” ਨੂੰ ਲੈ ਕੇ ਵੀ ਵਿਵਾਦ ਡੂੰਘਾ ਹੋ ਗਿਆ ਹੈ। ਕਾਂਗਰਸ ਨੇ ‘ਆਪ’ ਮੈਂਬਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਨੂੰ ਗੈਰ-ਕਾਨੂੰਨੀ ਦੱਸਦਿਆਂ ਰਾਜਪਾਲ ਕੋਲ ਸ਼ਿਕਾਇਤ ਕਰਨ ਦਾ ਫੈਸਲਾ ਕੀਤਾ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਵਿਧਾਇਕਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਧਾਨ ਸਭਾ ਦੀ ਬਜਾਏ ਮੁੱਖ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨਾ ਚਾਹੀਦਾ ਹੈ।

Read More : ਪੰਜਾਬ ਬਣਿਆ ਕੈਂਸਰ ਦਾ ਮੁਫ਼ਤ ਇਲਾਜ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ : ਰਾਜਪਾਲ ਕਟਾਰੀਆ

Leave a Reply

Your email address will not be published. Required fields are marked *