dhillon

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਦਲਵੀਰ ਢਿੱਲੋਂ

ਧੂਰੀ, 29 ਮਈ : ਸਿੱਖਿਆ ਕ੍ਰਾਂਤੀ ਦਾ ਵਾਅਦਾ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਈ ਸੀ ਤੇ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਦਿਨ ਰਾਤ ਇੱਕ ਕਰ ਕੇ ਇਹ ਵਾਅਦਾ ਪੂਰਾ ਕੀਤਾ ਗਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਧੂਰੀ ਵਿੱਚ ਪੈਂਦੇ ਸਰਕਾਰੀ ਮਿਡਲ ਸਕੂਲ, ਬਬਨਪੁਰ ਵਿਖੇ ਕਰੀਬ 14 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਕਲਾਸਰੂਮ ਅਤੇ ਚਾਰਦੀਵਾਰੀ ਨੂੰ ਲੋਕ ਅਰਪਿਤ ਕਰਨ ਮੌਕੇ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤਾ।

ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਅੱਜ ਤਿੰਨ ਸਾਲ ਬਾਅਦ ਕੋਈ ਅਜਿਹਾ ਸਕੂਲ ਨਹੀਂ ਹੈ, ਜਿੱਥੇ ਚਾਰ ਦੀਵਾਰੀ ਨਹੀਂ ਹੈ। 20 ਹਜ਼ਾਰ ਨਵੇਂ ਅਧਿਆਪਕ ਭਰਤੀ ਹੋਏ ਹਨ ਤੇ 12,700 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ 100 ਦੇ ਕਰੀਬ ਸਕੂਲ ਆਫ ਐਮੀਨੈਂਸ ਬਣਾਏ ਗਏ ਹੈ।
ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਸਕੂਲਾਂ ਵਿੱਚ ਨਿਯੁਕਤ ਕੀਤੇ ਗਏ ਹਨ।

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ।

ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ

ਇਸ ਮੌਕੇ ਸ. ਘੁੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਸਕੂਲਾਂ ਨੂੰ ਗਰਾਂਟਾਂ ਦਿੱਤੀਆਂ ਗਈਆਂ ਅਤੇ ਬਹੁਤ ਹੀ ਸੁਚੱਜੇ ਢੰਗ ਨਾਲ ਉਹਨਾਂ ਦੀ ਵਰਤੋਂ ਕਰਦੇ ਹੋਏ ਸਕੂਲਾਂ ਦਾ ਵਿਕਾਸ ਕੀਤਾ ਗਿਆ ਹੈ। ਅੱਜ ਪੰਜਾਬ ਦੇ ਸਕੂਲ ਪੂਰੇ ਦੇਸ਼ ਲਈ ਮਿਸਾਲ ਬਣ ਰਹੇ ਹਨ।

ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ। ਪ੍ਰੰਤੂ ਜਦੋਂ ਤੋਂ ਮੌਜੂਦਾ ਪੰਜਾਬ ਸਰਕਾਰ ਨੇ ਕਾਰਜਭਾਗ ਸੰਭਾਲਿਆ ਹੈ, ਉਦੋਂ ਤੋਂ ਹੀ ਸਿੱਖਿਆ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਮਾਪੇ ਹਾਜ਼ਰ ਸਨ।

Read More : ਜਮਹੂਰੀ ਅਧਿਕਾਰ ਸਭਾ ਦਾ ਇੱਕ ਵਫਦ ਜਿਲਾ ਪ੍ਰਸ਼ਾਸਨ ਨੂੰ ਮਿਲਿਆ

Leave a Reply

Your email address will not be published. Required fields are marked *