Minister ETO

ਆਜ਼ਾਦੀ ਦੀ ਲੜਾਈ ‘ਚ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ : ਮੰਤਰੀ ਈਟੀਓ

ਪਟਿਆਲਾ, 15 ਅਗਸਤ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਮੇਤ ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਆਪਣੇ ਸੰਦੇਸ਼ ‘ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜਨ ਵਾਲੇ ਯੋਧਿਆਂ, ਵੱਖ-ਵੱਖ ਲਹਿਰਾਂ ਦੇ ਮਹਾਨ ਸ਼ਹੀਦਾਂ ਤੇ ਅਨੇਕਾਂ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਸੰਘਰਸ਼ਾਂ ‘ਚ ਪਾਏ ਯੋਗਦਾਨ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਹਾਰਦਿਕ ਵਧਾਈ ਦਿੱਤੀ।

ਸਮਾਰੋਹ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ੀਗਰ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਆਪ ਦੇ ਯੁੱਧ ਨਸ਼ਿਆਂ ਵਿਰੁੱਧ ਦੇ ਸੂਬਾ ਬੁਲਾਰੇ ਬਲਤੇਜ ਪੰਨੂ, ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀਆਈਜੀ ਕੁਲਦੀਪ ਚਾਹਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ‘ਚ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇਹ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ਉਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰ ਸੋਚ ਤੇ ਨੇਕ ਨੀਅਤ ਨਾਲ ਲਗਾਤਾਰ ਉਪਰਾਲੇ ਕਰ ਰਹੀ ਹੈ।

ਹਰਭਜਨ ਸਿੰਘ ਈਟੀਓ ਨੇ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਸਨਮਾਨ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰ ਵੀ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਪੁਲਿਸ, ਸਾਬਕਾ ਫੌਜੀਆਂ, ਧਰਮੀ ਫੌਜੀਆਂ ਅਤੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਦੀ ਭਲਾਈ ਲਈ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ, ਇਸ ਤਹਿਤ ਹੀ 55 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਰਿਕਾਰਡ ਤੋੜ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਕਿਰਤ ਕਾਨੂੰਨ ਸੌਖੇ ਕੀਤੇ ਗਏ ਤੇ ਪ੍ਰਾਜੈਕਟ ਜੀਵਨਜੋਤ ਤਹਿਤ ਭੀਖ ਮੰਗਣ ਵਾਲਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ। ਇਸ ਤੋਂ ਬਿਨ੍ਹਾਂ ਸਾਰਿਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ 19 ਤੋਂ 25 ਨਵੰਬਰ ਤੱਕ ਰਾਜ ਭਰ ‘ਚ ਮਨਾਉਣ ਦਾ ਫੈਸਲਾ ਕੀਤਾ ਹੈ, ਇਸ ਤਹਿਤ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਅਸਥਾਨਾਂ ਦੇ ਵਿਕਾਸ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ ‘ਚ 35 ਅਸਥਾਨਾਂ ਦੇ ਵਿਕਾਸ ਲਈ ਕਰੀਬ 80 ਕਰੋੜ ਰੁਪਏ ਦੀ ਤਜਵੀਜ ਤਿਆਰ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਜੰਗਲਾਤ ਵਿਭਾਗ ਵੱਲੋਂ 3.50 ਲੱਖ ਬੂਟੇ ਲਾਉਣ ਸਮੇਤ 52 ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ ਸਥਾਪਤ ਕੀਤੇ ਜਾਣਗੇ। ਇਸ ਤੋਂ ਬਿਨ੍ਹਾਂ ਪੰਜਾਬ ਸਰਕਾਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੀ ਬਹਾਲੀ ਸ਼ੁਰੂ ਕਰਵਾਕੇ ਸਿੱਖ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਯਤਨ ਵੀ ਕੀਤੇ ਹਨ।

ਬਿਜਲੀ ਮੰਤਰੀ ਨੇ ਦੱਸਿਆ ਕਿ ਸੂਬੇ ‘ਚ ਵਿਆਪਕ ਬਿਜਲੀ ਸੁਧਾਰ ਕੀਤੇ ਜਾ ਰਹੇ ਹਨ ਅਤੇ ਇਕੱਲੇ ਪਟਿਆਲਾ ਜ਼ਿਲ੍ਹੇ ਅੰਦਰ ਹੀ ਨਵੀਆਂ ਲਾਈਨਾਂ, ਟਰਾਂਸਫਾਰਮਰਾਂ ਤੇ ਹੋਰ ਬਿਜਲੀ ਸੁਧਾਰਾਂ ਲਈ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਇਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਪਾਏਦਾਰ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇਗੀ। ਹਰਭਜਨ ਸਿੰਘ ਈਟੀਓ ਨੇ ਇਹ ਵੀ ਦੁਹਰਾਇਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਵਿਕਾਸ ਪੱਖੋਂ ਅਣਗੌਲੇ ਕੀਤੇ ਗਏ ਪਟਿਆਲਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਮੌਜੂਦਾ ਪੰਜਾਬ ਸਰਕਾਰ ਇਸ ਪੱਖੋਂ ਸੁਹਿਰਦ ਯਤਨ ਕਰ ਰਹੀ ਹੈ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਰਤੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ 2130 ਕਰੋੜ ਰੁਪਏ ਖ਼ਰਚ ਕੇ 2173 ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ 185 ਕਰੋੜ ਰੁਪਏ ਦੀ ਲਾਗਤ ਨਾਲ 34 ਪੁਲ ਤਿਆਰ ਕਰਨ ਸਮੇਤ ਲੋਕਾਂ ਨੂੰ ਰਾਹਤ ਦੇਣ ਲਈ 20 ਟੋਲ ਪਲਾਜੇ ਬੰਦ ਕੀਤੇ ਗਏ ਹਨ।

ਹਰਭਜਨ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਨਸ਼ਿਆਂ ਦੀ ਲਾਹਨਤ ਖ਼ਤਮ ਕਰਨ ਲਈ ਚਲਾਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੇ ਨਸ਼ਾ ਤਸਕਰ ਜੇਲ੍ਹਾਂ ‘ਚ ਸੁੱਟੇ ਗਏ ਤੇ 25 ਹਜਾਰ ਗ੍ਰਿਫ਼ਤਾਰੀਆਂ ਕਰਕੇ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਗਏ ਹਨ। ਇਸ ਦੇ ਨਾਲ ਹੀ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ ‘ਬਾਜ਼ ਅੱਖ’ ਵੀ ਸ਼ੁਰੂ ਕੀਤੀ ਗਈ ਹੈ।

ਇਸ ਸਮਾਰੋਹ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਸਕੂਲਾਂ ਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਗਿੱਧੇ ਤੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨ ਦੇ ਨਾਲ-ਨਾਲ ਸੰਘਰਸ਼ੀ ਯੋਧਿਆਂ ਤੇ ਸ਼ਹੀਦ ਪਰਿਵਾਰਾਂ, ਪਰੇਡ ਕਮਾਂਡਰ, ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵੀ ਸਨਮਾਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਹਰਭਜਨ ਸਿੰਘ ਈਟੀਓ ਨੂੰ ਸਨਮਾਨਤ ਕੀਤਾ।

Read More : ਲਾਰੈਂਸ ਬਿਸ਼ਨੋਈ ਦੇ 2 ਮੋਸਟ ਵਾਂਟਡ ਗੈਂਗਸਟਰ ਗ੍ਰਿਫ਼ਤਾਰ

Leave a Reply

Your email address will not be published. Required fields are marked *