Sanjeev Arora

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ : ਸੰਜੀਵ ਅਰੋੜਾ

ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ

ਸੰਗਰੂਰ, 15 ਅਗਸਤ : ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੁਲਿਸ ਲਾਈਨ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ ਜਾਣ। ਮੋਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਮ ਵੀ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਅਤੇ ਉੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਵੀ ਲਾਇਆ ਗਿਆ ਹੈ।

ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆਂ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕਰਨਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ-ਅਜਿਹੇ ਫੈਸਲੇ ਹਨ, ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ।

ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। 19 ਨਵੰਬਰ ਤੋਂ ਲੈ ਕੇ 25 ਨਵੰਬਰ ਤੱਕ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਜੰਗਲਾਤ ਵਿਭਾਗ ਦੀ ਪਹਿਲਕਦਮੀ ਤਹਿਤ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਹੈ। ਇਸ ਤੋਂ ਇਲਾਵਾ ‘ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ’ ਯੋਜਨਾ ਦੇ ਹਿੱਸੇ ਵਜੋਂ 52 ‘ਪਵਿੱਤਰ ਵਣ’ ਸਥਾਪਤ ਕੀਤੇ ਜਾਣਗੇ।

ਪੰਜਾਬ ਸਰਕਾਰ ਵੱਲੋਂ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਖੇਤੀਬਾੜੀ ਨੂੰ 08 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਪੰਜਾਬ ਸਰਕਾਰ ਨੇ ਬਿਜ਼ਨਸ ਬਲਾਸਟ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਤਹਿਤ ਗਿਆਰ੍ਹਵੀਂ-ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਦਮੀ ਬਣਾਉਣ ਤੇ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਅਤੇ ਵਿਦਿਆਰਥੀਆਂ ਨੂੰ 10.32 ਕਰੋੜ ਰੁਪਏ ਦੀ ਸੀਡ ਮਨੀ ਦਿੱਤੀ ਗਈ।

ਪੰਜਾਬ ਸਰਕਾਰ ਨੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਉੱਨਤ ਰਾਜ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। 24 ਸੈਕਟਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਉਦਯੋਗਿਕ ਨੀਤੀ ਵਿਚ ਹੋਰ ਸੁਧਾਰ ਕੀਤਾ ਜਾ ਸਕੇ। ਇਹ ਸੈਕਟਰਲ ਕਮੇਟੀਆਂ ਉਦਯੋਗਾਂ ਦੇ ਮਾਹਿਰ ਲੋਕਾਂ ਦੀਆਂ ਬਣਾਈਆਂ ਗਈਆਂ ਹਨ, ਜੋ ਖੁਦ ਨੀਤੀਆਂ ਬਣਾ ਕੇ ਸਰਕਾਰ ਅੱਗੇ ਪੇਸ਼ ਕਰਨਗੇ।

ਇਸ ਮੌਕੇ ਜਿੱਥੇ ਕੈਬਨਿਟ ਮੰਤਰੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ, ਉੱਥੇ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈਸਾਈਕਲਾਂ ਦੀ ਵੰਡ ਕਰਨ ਦੇ ਨਾਲ ਨਾਲ ਵੱਖ ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ਉੱਤੇ ਅਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਿਸਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਦੌਰਾਨ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼ ਅਤੇ ਵੱਖੋ ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਲਾਇੰਜ਼ ਕਲੱਬ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ ਵੀ ਸ਼ਿਰਕਤ ਕੀਤੀ ਤੇ ਖ਼ੂਨ ਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਇਸ ਮੌਕੇ ਡੀ.ਜੀ.ਪੀ., ਡਾ. ਨਰੇਸ਼ ਕੁਮਾਰ ਅਰੋੜਾ, ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਪੰਜਾਬ ਲਘੂ ਉਦਯੋਗ ਅਤੇ ਐਕਸਪੋਰਟ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ, ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ, ਜਸਬੀਰ ਸਿੰਘ ਕੁਦਨੀ ਚੇਅਰਮੈਨ, ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

Read More : ਪੀਆਰਟੀਸੀ ਦੇ ਠੇਕਾ ਕਾਮਿਆਂ ਨੇ ਰੋਕਿਆਂ ਬੱਸਾਂ ਦਾ ਪਹੀਆ

Leave a Reply

Your email address will not be published. Required fields are marked *