‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ; ਹਸਪਤਾਲਾਂ ਨੂੰ ਪੈਸੇ ਮੰਗਣ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ
ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ। ਇੱਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਯੋਜਨਾ ਸਮਾਜ ਦੇ ਕਮਜ਼ੋਰ ਵਰਗਾਂ ਸਮੇਤ ਹਰੇਕ ਨਾਗਰਿਕ ਨੂੰ ਬਿਨਾਂ ਨਕਦੀ (ਕੈਸ਼ਲੈੱਸ) ਇਲਾਜ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ, ਜੋ ਆਪਣੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਇਸ ਨੂੰ ਇੱਕ ਇਤਿਹਾਸਕ ਪ੍ਰਾਪਤੀ ਦੱਸਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ‘ਤੇ ਇਲਾਜ ਦਾ ਵਿੱਤੀ ਬੋਝ ਘਟੇਗਾ ਅਤੇ ਮਿਆਰੀ ਸਿਹਤ ਸੇਵਾਵਾਂ ਸਾਰਿਆਂ ਦੀ ਪਹੁੰਚ ਵਿੱਚ ਹੋਣਗੀਆਂ।
ਇਸ ਯੋਜਨਾ ਦਾ ਲਾਭ ਲੈਣ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਾਰੇ ਸਰਕਾਰੀ ਮੁਲਾਜ਼ਮ, ਪੈਨਸ਼ਨਰ ਅਤੇ ਆਮ ਨਾਗਰਿਕ ਸਿਹਤ ਕਾਰਡ ਬਣਵਾਉਣ ਦੇ ਯੋਗ ਹਨ। ਇਹ ਕਾਰਡ ਸੁਵਿਧਾ ਕੇਂਦਰਾਂ, ਸਾਂਝੇ ਸੇਵਾ ਕੇਂਦਰਾਂ (ਕਾਮਨ ਸਰਵਿਸ ਸੈਂਟਰਾਂ) ਜਾਂ ਆਧਾਰ ਤੇ ਵੋਟਰ ਕਾਰਡ ਰਾਹੀਂ ਆਨਲਾਈਨ ਬਣਵਾਏ ਜਾ ਸਕਦੇ ਹਨ।
ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਇਸ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ। ਲਗਭਗ 2,600 ਬਿਮਾਰੀਆਂ ਦੇ ਇਲਾਜ ਲਈ ਦਰਾਂ ਨਿਰਧਾਰਤ ਕੀਤੀਆਂ ਗਈਆਂ ਹਨ। ਸਰਕਾਰ ਇਨ੍ਹਾਂ ਤੈਅ ਦਰਾਂ ਅਨੁਸਾਰ ਹਸਪਤਾਲਾਂ ਨੂੰ ਸਿੱਧਾ ਭੁਗਤਾਨ ਕਰੇਗੀ, ਇਸ ਲਈ ਮਰੀਜ਼ ਨੂੰ ਇੱਕ ਵੀ ਪੈਸਾ ਦੇਣ ਦੀ ਲੋੜ ਨਹੀਂ ਹੋਵੇਗੀ।
ਪੰਜਾਬ ਵਿਰੋਧੀ ਤਾਕਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਲੋਕਾਂ ਨੂੰ ਨਿਰਾਸ਼ ਕਰਨ ਲਈ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਹਸਪਤਾਲ ਇਸ ਯੋਜਨਾ ਦੇ ਲਾਭਪਾਤਰੀ ਤੋਂ ਪੈਸਿਆਂ ਦੀ ਮੰਗ ਕਰਦਾ ਹੈ, ਤਾਂ ਤੁਰੰਤ ਸਰਕਾਰ ਕੋਲ ਸ਼ਿਕਾਇਤ ਕੀਤੀ ਜਾਵੇ। ਅਜਿਹੇ ਹਸਪਤਾਲਾਂ ਵਿਰੁੱਧ ਸਖ਼ਤ ਦੰਡਕਾਰੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਅਖੀਰ ਵਿੱਚ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਦੁਨੀਆ ਭਰ ਵਿੱਚ ਸਲਾਹੀ ਜਾ ਰਹੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵੱਲ ਧਿਆਨ ਨਾ ਦੇਣ।
Read More : ਅੰਮ੍ਰਿਤਸਰ ਵਿਚ ਅੱਤਵਾਦੀ ਸਾਜ਼ਿਸ਼ ਨਾਕਾਮ; ਵਿਸਫੋਟਕ ਯੰਤਰ ਸਮੇਤ ਇਕ ਕਾਬੂ
