ਨਹਿਰਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਵਰਤੀਆਂ ਜਾਣਗੀਆਂ ਪਾਣੀ ਤੇ ਧਰਤੀ ’ਤੇ ਚੱਲਣ ਵਾਲੀਆਂ ਉੱਨਤ ਮਸ਼ੀਨਾਂ
ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸੂਬੇ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ‘ਐਂਫੀਬੀਅਸ ਮਸ਼ੀਨਾਂ’ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।
ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਇਹ ਮਸ਼ੀਨਾਂ ਬਹੁਤ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਡੂੰਘਾਈ ਨਾਲ ਸਫ਼ਾਈ ਕਰਨ ਦੇ ਸਮਰੱਥ ਹਨ।
ਮੁੱਖ ਮੰਤਰੀ ਨੇ ਆਪਣੇ ਫਿਨਲੈਂਡ ਦੌਰੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਜਲ ਸਰੋਤਾਂ ਦੀ ਦੇਖਭਾਲ ਬਹੁਤ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਵਿਭਾਗ ਨੂੰ ਇਨ੍ਹਾਂ ਦੀ ਖਰੀਦ ਲਈ ਤੁਰੰਤ ਰੂਪਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
ਪਾਣੀ ਦੇ ਪ੍ਰਬੰਧਨ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਭਾਖੜਾ ਡੈਮ ਦੀ ਸਮਰੱਥਾ 1680 ਫੁੱਟ ਹੈ ਅਤੇ 26 ਅਪ੍ਰੈਲ ਨੂੰ ਪਾਣੀ ਦਾ ਪੱਧਰ 1594 ਫੁੱਟ ਦਰਜ ਕੀਤਾ ਗਿਆ ਸੀ। 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਣ ਦੇ ਮੱਦੇਨਜ਼ਰ, ਉਨ੍ਹਾਂ ਅਗਾਮੀ ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਪਾਣੀ ਛੱਡਣ ਦੀ ਯੋਜਨਾ ਉਲੀਕਣ ਲਈ ਕਿਹਾ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਨਵੇਂ ਖਾਲਿਆਂ ਦੇ ਨਿਰਮਾਣ ਅਤੇ ਪੁਰਾਣਿਆਂ ਦੀ ਬਹਾਲੀ ਦਾ ਕੰਮ 31 ਮਈ ਤੱਕ ਮੁਕੰਮਲ ਹੋ ਜਾਵੇਗਾ, ਜਿਸ ਤੋਂ ਬਾਅਦ ਸਿੰਚਾਈ ਲਈ ਵਾਧੂ 5000 ਕਿਊਸਿਕ ਪਾਣੀ ਦੀ ਲੋੜ ਹੋਵੇਗੀ।
ਰੋਪੜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਜਿੱਥੇ ਪਿਛਲੇ ਸਾਲ ਨੁਕਸਾਨ ਹੋਇਆ ਸੀ, ਉੱਥੇ ਇਸ ਵਾਰ ਵਿਆਪਕ ਰੋਕਥਾਮ ਕਦਮ ਚੁੱਕੇ ਗਏ ਹਨ ਅਤੇ ਸਟੱਡ ਤੇ ਸਪਰ ਢਾਂਚੇ ਬਣਾਏ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਵਾਂ ਨਦੀ ਦੇ ਚੈਨਲਾਈਜ਼ੇਸ਼ਨ ਦੀ ਸੰਭਾਵਨਾ ਨੂੰ ਵੀ ਤਲਾਸ਼ਣ ਲਈ ਕਿਹਾ ਤਾਂ ਜੋ ਸਿੰਚਾਈ ਅਤੇ ਸੈਰ-ਸਪਾਟੇ ਦੋਵਾਂ ਦਾ ਫਾਇਦਾ ਹੋ ਸਕੇ।
ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Read More : ਮਨੁੱਖੀ ਤਸਕਰੀ ਦਾ ਨੈੱਟਵਰਕ ਬੇਨਕਾਬ, 16 ਲੋਕਾਂ ਨੂੰ ਗ਼ਲਤ ਢੰਗ ਨਾਲ ਯੂ.ਕੇ. ਭੇਜਣ ਦਾ ਮਾਮਲਾ ਦਰਜ
