MP-Raghav-Chadha

ਰਾਘਵ ਚੱਢਾ ਨੇ ਵੀਡੀਓ ਜਾਰੀ ਕਰਕੇ ਪਾਰਟੀ ਦੇ ਦੋਸ਼ਾਂ ਨੂੰ ਦੱਸਿਆ ਝੂਠ

ਨਵੀਂ ਦਿੱਲੀ/ਚੰਡੀਗੜ੍ਹ, 4 ਅਪ੍ਰੈਲ : ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵੱਲੋਂ ਲਗਾਏ ਗਏ ਦੋਸ਼ਾਂ ਦੇ ਸਬੰਧ ਵਿੱਚ ਆਪਣਾ ਦੂਜਾ ਵੀਡੀਓ ਜਾਰੀ ਕੀਤਾ ਹੈ। ਸੋਸ਼ਲ ਮੀਡੀਆ ’ਤੇ ਵੀਡੀਓ ਪੋਸਟ ਕਰਦੇ ਹੋਏ ਰਾਘਵ ਚੱਢਾ ਨੇ ਲਿਖਿਆ ਕਿ ਉਹ ਬੋਲਣਾ ਨਹੀਂ ਚਾਹੁੰਦੇ ਸਨ, ਪਰ ਜੇਕਰ ਉਹ ਚੁੱਪ ਰਹਿੰਦੇ ਤਾਂ ਵਾਰ-ਵਾਰ ਬੋਲਿਆ ਗਿਆ ਝੂਠ ਵੀ ਲੋਕਾਂ ਨੂੰ ਸੱਚ ਲੱਗਣ ਲੱਗ ਪੈਂਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਵਿਰੁੱਧ ਲਗਾਏ ਗਏ ਤਿੰਨਾਂ ਦੋਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ।

ਰਾਘਵ ਚੱਢਾ ਨੇ ਵੀਡੀਓ ਵਿੱਚ ਕਿਹਾ ਕਿ ਕੱਲ੍ਹ ਤੋਂ ਉਨ੍ਹਾਂ ਵਿਰੁੱਧ ਇੱਕ ਲਿਖਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਉਹੀ ਭਾਸ਼ਾ ਅਤੇ ਉਹੀ ਗੱਲਾਂ ਦੁਹਰਾਈਆਂ ਜਾ ਰਹੀਆਂ ਹਨ। ਉਨ੍ਹਾਂ ਇਸ ਨੂੰ ਇੱਕ ਤਾਲਮੇਲ ਵਾਲਾ ਹਮਲਾ ਕਰਾਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਵਿਰੁੱਧ ਅਜਿਹੇ ਦੋਸ਼ ਲਗਾਏ ਗਏ ਹਨ ਤਾਂ ਜੋ ਮੈਨੂੰ ਸੰਸਦ ਵਿੱਚ ਬੋਲਣ ਦਾ ਮੌਕਾ ਨਾ ਦਿੱਤਾ ਜਾਵੇ।

ਚੱਢਾ ਨੇ ਕਿਹਾ ਕਿ ਉਹ ਸੰਸਦ ਵਿੱਚ ਸ਼ੋਰ ਮਚਾਉਣ ਜਾਂ ਗਾਲ੍ਹਾਂ ਕੱਢਣ ਲਈ ਨਹੀਂ, ਸਗੋਂ ਜਨਤਕ ਮੁੱਦੇ ਉਠਾਉਣ ਲਈ ਗਏ ਸਨ। ਅੰਤ ਵਿੱਚ ਉਨ੍ਹਾਂ ਨੇ ਫ਼ਿਲਮ ‘ਧੁਰੰਧਰ’ ਦੇ ਇੱਕ ਡਾਇਲਾਗ ਦਾ ਹਵਾਲਾ ਦੇ ਕੇ ਪਾਰਟੀ ਨੂੰ ਚੇਤਾਵਨੀ ਦਿੱਤੀ ਕਿ “ਮੈਂ ਜ਼ਖ਼ਮੀ ਹਾਂ, ਇਸ ਲਈ ਮੈਂ ਘਾਤਕ ਹਾਂ।”

ਜ਼ਿਕਰਯੋਗ ਹੈ ਕਿ 2 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਦੇ ਨਾਲ ਹੀ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਪਾਰਟੀ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਾ ਦਿੱਤਾ ਜਾਵੇ। ਇਸ ਤੋਂ ਪਹਿਲਾਂ ਵੀ ਰਾਘਵ ਚੱਢਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਚੁੱਪ ਕਰਵਾ ਦਿੱਤਾ ਗਿਆ ਹੈ ਪਰ ਉਹ ਹਾਰੇ ਨਹੀਂ ਹਨ।

ਇਸ ਘਟਨਾਕ੍ਰਮ ਤੋਂ ਬਾਅਦ ‘ਆਪ’ ਦੇ ਸੀਨੀਅਰ ਆਗੂਆਂ ਅਨੁਰਾਗ ਢਾਂਡਾ, ਆਤਿਸ਼ੀ ਮਾਰਲੇਨਾ, ਸੌਰਭ ਭਾਰਦਵਾਜ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ। ਪਾਰਟੀ ਦੇ ਅੰਦਰ ਚੱਲ ਰਹੀ ਇਸ ਖਿੱਚੋਤਾਣ ਨੇ ਸਿਆਸੀ ਹਲਕਿਆਂ ਵਿੱਚ ਵੱਡੀ ਚਰਚਾ ਛੇੜ ਦਿੱਤੀ ਹੈ।

Read More : ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ

Leave a Reply

Your email address will not be published. Required fields are marked *