ਸਬੂਤ ਨਸ਼ਟ ਕਰਨ ਦੇ ਦੋਸ਼ ਹੇਠ ਨਵੀਂ ਧਾਰਾ ਦਰਜ
ਅੰਮ੍ਰਿਤਸਰ, 9 ਅਪ੍ਰੈਲ : ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਰਣਜੀਤ ਐਵੇਨਿਊ ਪੁਲਿਸ ਨੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਭੁੱਲਰ ਵਿਰੁੱਧ ਹੁਣ ਸਬੂਤਾਂ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 238 ਵੀ ਜੋੜ ਦਿੱਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ‘ਤੇ ਸਿਰਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਸੀ।
ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਅਜਿਹੇ ਤੱਥ ਸਾਹਮਣੇ ਆਏ ਹਨ ਜੋ ਦਰਸਾਉਂਦੇ ਹਨ ਕਿ ਮਾਮਲੇ ਨਾਲ ਸਬੰਧਤ ਅਹਿਮ ਸਬੂਤਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਦੂਜੇ ਪਾਸੇ, ਲਾਲਜੀਤ ਸਿੰਘ ਭੁੱਲਰ ਦੇ ਵਕੀਲਾਂ ਨੇ ਇਹਨਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਹੈ ਅਤੇ ਅਦਾਲਤ ਵਿੱਚ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨ ਦਾ ਦਾਅਵਾ ਕੀਤਾ ਹੈ।
ਇਸ ਘਟਨਾਕ੍ਰਮ ਨੇ ਸੂਬੇ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ। ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ, ਜਦੋਂ ਕਿ ਸੱਤਾਧਾਰੀ ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ ਅੱਗੇ ਸਭ ਬਰਾਬਰ ਹਨ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਫਿਲਹਾਲ ਇਹ ਮਾਮਲਾ ਅਦਾਲਤ ਵਿੱਚ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ 13 ਮਾਰਚ ਨੂੰ ਭੁੱਲਰ ਨੇ ਮੈਨੇਜਰ ਰੰਧਾਵਾ ਨੂੰ ਆਪਣੇ ਘਰ ਬੁਲਾ ਕੇ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ। ਦੋਸ਼ ਹੈ ਕਿ ਭੁੱਲਰ ਆਪਣੇ ਪਿਤਾ ਦੇ ਨਾਂ ‘ਤੇ ਟੈਂਡਰ ਲੈਣ ਲਈ ਰੰਧਾਵਾ ‘ਤੇ ਦਬਾਅ ਪਾ ਰਿਹਾ ਸੀ। ਇਸੇ ਜ਼ਲਾਲਤ ਅਤੇ ਪਰੇਸ਼ਾਨੀ ਕਾਰਨ ਰੰਧਾਵਾ ਨੇ 21 ਮਾਰਚ ਨੂੰ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਸੀ।
Read More : ਵਿਧਾਇਕ ਹਰਮੀਤ ਪਠਾਣਮਾਜਰਾ ਪਟਿਆਲਾ ਜੇਲ੍ਹ ਤੋਂ ਬਠਿੰਡਾ ਸ਼ਿਫਟ
