ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਦਿੱਤੀ ਚਿਤਾਵਨੀ
ਪਟਿਆਲਾ, 7 ਜੁਲਾਈ :- ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਪੰਜਾਬ ਦੇ ਸਮੂਹ ਡਿੱਪੂਆਂ ’ਤੇ ਗੇਟ ਰੈਲੀਆਂ ਕਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪਟਿਆਲਾ ਡਿੱਪੂ ’ਤੇ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਚੇਅਰਮੈਨ ਸੁਲਤਾਨ ਸਿੰਘ, ਕੈਸ਼ੀਅਰ ਅਤਿੰਦਰਪਾਲ ਸਿੰਘ ਨੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਜਦੋਂ ਸੱਤਾ ’ਚ ਨਹੀਂ ਸੀ, ਉਸ ਸਮੇਂ ਵੱਡੇ-ਵੱਡੇ ਬਿਆਨ ਦਿੰਦੀ ਸੀ ਕਿ ਠੇਕੇਦਾਰਾਂ ਦੇ ਹੱਥ ਮੌਜੂਦਾ ਸਰਕਾਰਾਂ ਨਾਲ ਜੁੜਦੇ ਹਨ ਅਤੇ ਪੰਜਾਬ ਦੇ ਨੌਜਵਾਨਾਂ ਦਾ ਸ਼ੋਸਣ ਕਰ ਰਹੇ ਹਨ। ਇਸ ਦੀਆਂ ਵੀਡੀਓਜ਼ ਆਦਿ ਵੀ ਟਰਾਂਸਪੋਰਟ ਮੰਤਰੀ ਪੰਜਾਬ ਦੀਆਂ ਨੈੱਟ ’ਤੇ ਪਾਈਆਂ ਗਈਆਂ ਹਨ, ਜਿਸ ’ਚ ਕਿਹਾ ਗਿਆ ਕਿ ਪੰਜਾਬ ਵਿਚ ‘ਆਪ’ ਸਰਕਾਰ ਆਉਂਦੇ ਹੀ ਠੇਕੇਦਾਰੀ ਸਿਸਟਮ ਨੂੰ ਖਤਮ ਕਰ ਦੇਵਾਂਗੇ। ਅੱਜ ਸਰਕਾਰ ਬਣੀ ਨੂੰ 3 ਸਾਲ ਤੋਂ ਵੀ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਇਕ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਠੇਕੇਦਾਰੀ ਸਿਸਟਮ ਜਿਉਂ ਦੀ ਤਿਉਂ ਚੱਲ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਪਹਿਲਾਂ ਟਰਾਂਸਪੋਰਟ ਮੰਤਰੀ ਅਤੇ ਫਿਰ ਮੁੱਖ ਮੰਤਰੀ ਪੰਜਾਬ ਨੇ 1 ਜੁਲਾਈ 2024 ਨੂੰ ਮੀਟਿੰਗ ਕਰ ਕੇ ਯੂਨੀਅਨ ਦੀਆਂ ਮੰਗਾਂ ਦਾ 1 ਮਹੀਨੇ ’ਚ ਕਮੇਟੀ ਬਣਾ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ 1 ਸਾਲ ਹੋ ਗਿਆ ਕਮੇਟੀ ਬਣੀ ਨੂੰ ਕਮੇਟੀ ਨੇ ਹੁਣ ਤੱਕ ਇਕ ਵੀ ਮੰਗ ਦਾ ਹੱਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਪੰਜਾਬ ਦੀਆਂ ਸਾਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਅਪੀਲ ਹੈ ਕਿ ਟਰਾਂਸਪੋਰਟ ਵਿਭਾਗ ਨੂੰ ਬਚਾਉਣ ਅਤੇ ਨਿੱਜੀਕਰਨ ਨੂੰ ਰੋਕਣ ਲਈ ਇਸ ਸੰਘਰਸ਼ ’ਚ ਸਾਡਾ ਸਾਥ ਦਿੱਤਾ ਜਾਵੇ।
ਡਿਪੂ ਸੈਕਟਰੀ ਜਸਦੀਪ ਸਿੰਘ, ਵਰਕਸ਼ਾਪ ਪ੍ਰਧਾਨ ਹਰਜਿੰਦਰ ਸਿੰਘ ਗੋਰਾ, ਮੀਤ ਪ੍ਰਧਾਨ ਬੇਅੰਤ, ਸਰਪ੍ਰਸਤ ਗੁਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਪਨਬਸ/ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਮਜਬੂਰੀ ’ਚ 09/10/11 ਜੁਲਾਈ ਨੂੰ ਯੂਨੀਅਨ ਵਲੋਂ ਪੂਰਨ ਤੌਰ ’ਤੇ ਪਨਬੱਸ, ਪੀ. ਆਰ. ਟੀ. ਸੀ. ਦਾ ਚੱਕਾ ਜਾਮ ਕਰ ਕੇ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਜਾਵੇਗਾ ਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਪੱਕਾ ਧਰਨਾ ਦਿੱਤਾ ਜਾਵੇਗਾ।
Read More : ਰੇਲਵੇ ਨੇ ਅੰਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਦੇ ਡੱਬੇ ਵਧਾਏ