ਬਠਿੰਡਾ ਦੇ ਪ੍ਰੀਖਿਆ ਕੇਂਦਰ ’ਚ ਵਾਪਰੀ ਘਟਨਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ; ਜਾਂਚ ਦੇ ਹੁਕਮ
ਅੰਮ੍ਰਿਤਸਰ, 9 ਫਰਵਰੀ : ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀ.ਟੀ.ਈ.ਟੀ.) ’ਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ’ਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿੱਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦੇ ਪੰਜ ਕਕਾਰਾਂ ’ਚੋਂ ਅਨਿੱਖੜਵਾਂ ਅੰਗ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਬਾਵਜੂਦ ਸਿੱਖ ਪ੍ਰੀਖਿਆਰਥੀਆਂ ਨੂੰ ਪ੍ਰੇਸ਼ਾਨ ਕਰਨਾ ਅਤੇ ਉਨ੍ਹਾਂ ਦੇ ਕੜੇ ਲੁਹਾਉਣ ਦੀ ਹਰਕਤ ਬੇਹੱਦ ਮੰਦਭਾਗੀ ਹੈ। ਉਨ੍ਹਾਂ ਸਰਕਾਰ ਅਤੇ ਪ੍ਰੀਖਿਆ ਲੈਣ ਵਾਲੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੰਵਿਧਾਨਕ ਹੱਕਾਂ ਦਾ ਸਤਿਕਾਰ ਯਕੀਨੀ ਬਣਾਇਆ ਜਾਵੇ ਤਾਂ ਜੋ ਭਵਿੱਖ ’ਚ ਅਜਿਹੀਆਂ ਘਟਨਾਵਾਂ ਨਾ ਵਾਪਰਨ।
Read More : ਕੰਮ ਨਿਕਲਣ ਤੋਂ ਬਾਅਦ ਪਾਸੇ ਲਾਉਣਾ ਬਾਜਵਾ ਦੀ ਪੁਰਾਣੀ ਆਦਤ : ਰਵਨੀਤ ਬਿੱਟੂ
