ਪੀ. ਪੀ. ਸੀ. ਬੀ. ਨੇ 15 ਦਿਨਾਂ ਦੇ ਅੰਦਰ ਪੈਸੇ ਜਮ੍ਹਾਂ ਕਰਵਾਉਣ ਦੇ ਦਿੱਤੇ ਨਿਰਦੇਸ਼
ਰੋਪੜ, 17 ਜੁਲਾਈ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ. ਪੀ. ਸੀ. ਬੀ.) ਨੇ ਵਾਤਾਵਰਨ ਸਬੰਧੀ ਕਾਨੂੰਨ ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਰੋਪੜ ਥਰਮਲ ਪਲਾਂਟ ’ਤੇ 5 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸ਼ਿਕਾਇਕਰਤਾਵਾਂ ਨੇ ਦੋਸ਼ ਲਾਇਆ ਸੀ ਥਰਮਲ ਪਲਾਂਟ ਦੀ ਸੁਆਹ ਉੱਡ-ਉੱਡ ਕੇ ਉਨ੍ਹਾਂ ਦੇ ਘਰਾਂ ਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ।
ਪੀ. ਪੀ. ਸੀ. ਬੀ. ਨੇ ਰੋਪੜ ਥਰਮਲ ਪਲਾਂਟ ਨੂੰ 15 ਦਿਨਾਂ ਦੇ ਅੰਦਰ 5 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਦੂਸ਼ਣ ਰੋਕਥਾਮ ਬੋਰਡ ਨੇ ਰੋਪੜ ਥਰਮਲ ਪਲਾਂਟ ਨੂੰ ਚਲਾਉਣ ਉੱਤੇ ਪਾਬੰਦੀ ਲਗਾ ਦਿੱਤੀ ਤੇ ਕੋਲੇ ਦੀ ਤਾਜ਼ਾ ਸਪਲਾਈ ਬੰਦ ਕਰ ਦਿੱਤੀ ਗਈ। ਪੀ. ਪੀ. ਸੀ. ਬੀ. ਦੇ ਅਧਿਕਾਰੀਆਂ ਦੀ ਟੀਮ ਨੇ 29 ਮਾਰਚ 2025 ਨੂੰ ਪਲਾਂਟ ਦੇ ਦੌਰੇ ਦੌਰਾਨ ਰੋਪੜ ਥਰਮਲ ਪਲਾਂਟ ਪ੍ਰਬੰਧਨ ਨੂੰ ਕੁੱਝ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਮਾਮਲੇ ਦੀ ਅਗਲੀ ਸੁਣਵਾਈ ਅਗਸਤ ਦੇ ਦੂਜੇ ਹਫ਼ਤੇ ਤੈਅ ਕੀਤੀ ਗਈ ਹੈ।
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਰੋਪੜ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਥੱਲੀ ਦੇ ਲੋਕਾਂ ਦੀ ਸ਼ਿਕਾਇਤ ’ਤੇ ਇਹ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਰੋਪੜ ਥਰਮਲ ਪਲਾਂਟ ਦੀ ਉੱਡਦੀ ਸੁਆਹ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਹੋਰ ਵਸਤਾਂ ’ਤੇ ਜੰਮ ਰਹੀ ਹੈ। ਇਹ ਸ਼ਿਕਾਇਤ ਜਨਵਰੀ 2024 ਵਿਚ ਦਰਜ ਕਰਵਾਈ ਗਈ ਸੀ।
ਪਿੰਡ ਵਾਸੀਆਂ ਦੀ ਸ਼ਿਕਾਇਤ ’ਤੇ ਪੀ. ਪੀ. ਸੀ. ਬੀ. ਦੇ ਅਧਿਕਾਰੀਆਂ ਨੇ ਰੋਪੜ ਥਰਮਲ ਪਲਾਂਟ ਦਾ ਦੌਰਾ ਕੀਤਾ ਸੀ ਅਤੇ ਇਸ ਦੌਰਾਨ ਵਾਤਾਵਰਣ ਕਾਨੂੰਨਾਂ ਦੀਆਂ ਕਈ ਸਪੱਸ਼ਟ ਉਲੰਘਣਾਵਾਂ ਪਾਈਆਂ ਗਈਆਂ ਸਨ।
ਅਸੀਂ ਆਦੇਸ਼ ਖ਼ਿਲਾਫ਼ ਅਪੀਲ ਕਰਾਂਗੇ : ਚੀਫ ਇੰਜਨੀਅਰ
ਰੋਪੜ ਥਰਮਲ ਪਲਾਂਟ ਦੇ ਚੀਫ਼ ਇੰਜੀਨੀਅਰ ਹਰੀਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਅਗਲੇ ਕੁਝ ਦਿਨਾਂ ਵਿਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਦੇ ਹੁਕਮਾਂ ਖ਼ਿਲਾਫ਼ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ‘ਅਸੀਂ ਅਪੀਲੀ ਅਥਾਰਿਟੀ ਕੋਲ ਹੁਕਮਾਂ ਖ਼ਿਲਾਫ਼ ਅਪੀਲ ਦਾਇਰ ਕਰ ਰਹੇ ਹਾਂ। ਅਸੀਂ ਐਕਟ ਤਹਿਤ ਜ਼ਿਆਦਾਤਰ ਨਿਯਮਾਂ ਦੀ ਪਾਲਣਾ ਕਰ ਰਹੇ ਹਾਂ ਪਰ ਪੀ. ਪੀ. ਸੀ. ਬੀ. ਵੱਲੋਂ ਉਠਾਏ ਗਏ ਕੁਝ ਮੁੱਦੇ ਵਿਹਾਰਕ ਤੌਰ ’ਤੇ ਪੂਰੇ ਕਰਨੇ ਸਾਡੇ ਲਈ ਸੰਭਵ ਨਹੀਂ ਸੀ।
Read More : ਸ੍ਰੀ ਹਰਿਮੰਦਰ ਸਾਹਿਬ ਨੇੜੇ ਖੜ੍ਹੀ ਬਿਨਾਂ ਨੰਬਰ ਵਾਲੀ ਗੱਡੀ ਕਾਰਨ ਮੱਚੀ ਹਫੜਾ-ਦਫੜੀ