ਚੰਡੀਗੜ੍ਹ, 30 ਅਕਤੂਬਰ : ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ’ਚ ਸਰਕਾਰ ਵੱਲੋਂ ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਦੇਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ’ਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ 693.04 ਕਰੋੜ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਔਰਤਾਂ ਨੂੰ ਸਿਰਫ਼ ਸਹਾਇਤਾ ਨਹੀਂ, ਸਗੋਂ ਸਸ਼ਕਤੀਕਰਨ ਦੇ ਮੌਕੇ ਦੇਣਾ ਹੈ। ਸਰਕਾਰ ਚਾਹੁੰਦੀ ਹੈ ਕਿ ਹਰ ਔਰਤ ਆਤਮਨਿਰਭਰ ਬਣੇ ਅਤੇ ਆਪਣੀ ਜ਼ਿੰਦਗੀ ਆਦਰ ਅਤੇ ਮਾਣ ਨਾਲ ਬਤੀਤ ਕਰ ਸਕੇ। ਇਹੀ ਕਾਰਨ ਹੈ ਕਿ ਸੂਬਾ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਲਗਾਤਾਰ ਹੋਰ ਮਜ਼ਬੂਤ ਤੇ ਪ੍ਰਭਾਵਸ਼ਾਲੀ ਬਣਾਉਣ ’ਤੇ ਧਿਆਨ ਦੇ ਰਹੀ ਹੈ।
ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਭਲਾਈ ਲਈ 1170 ਕਰੋੜ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਜ਼ਮੀਨੀ ਪੱਧਰ ’ਤੇ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਇਸ ਸਕੀਮ ਦਾ ਫ਼ਾਇਦਾ ਪਹੁੰਚ ਸਕੇ।
Read More : ਸਾਈਬਰ ਸੈੱਲ ਬਟਾਲਾ ਨੇ ਠੱਗਾਂ ਤੋਂ 25 ਲੋਕਾਂ ਦੇ 19 ਲੱਖ ਤੋਂ ਵੱਧ ਪੈਸੇ ਕਰਵਾਏ ਵਾਪਸ

