ਕੇਂਦਰ ਸਰਕਾਰ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸੰਵੇਦਨਸ਼ੀਲ : ਅਸ਼ਵਨੀ ਸ਼ਰਮਾ
ਅੰਮ੍ਰਿਤਸਰ, 19 ਜੁਲਾਈ :-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿੱਥੇ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆ ਕੇ ਸ਼੍ਰੋਮਣੀ ਕਮੇਟੀ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਉਥੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ।
ਇਸ ਉਪਰੰਤ ਗੱਲਬਾਤ ਕਰਦਿਆਂ ਭਾਜਪਾ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਧ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅਸੀਂ ਇੱਥੇ ਕਿਸੇ ਨੇਤਾ ਜਾਂ ਪਾਰਟੀ ਦੇ ਰੂਪ ਵਿਚ ਨਹੀਂ ਆਏ, ਸਗੋਂ ਗੁਰੂ ਘਰ ਇਕ ਆਮ ਸ਼ਰਧਾਲੂ ਵਾਂਗ ਸੰਗਤ ਦੇ ਰੂਪ ’ਚ ਆਏ ਹਾਂ।
ਉਨ੍ਹਾਂ ਆਖਿਆ ਕਿ ਰੂਹਾਨੀਅਤ ਦੇ ਇਸ ਕੇਂਦਰ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ’ਚ ਅਰਦਾਸ ਬੇਨਤੀ ਕੀਤੀ ਹੈ ਕਿ ਪੰਜਾਬ ਦੇ ਵਿਗੜੇ ਮਾਹੌਲ ਨੂੰ ਜਲਦ ਤੋਂ ਜਲਦ ਠੀਕ ਹੋਣ ਅਤੇ ਅਮਨ-ਸ਼ਾਂਤੀ ਨਾਲ ਆਪਸੀ ਭਾਈਚਾਰਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸੰਵੇਦਨਸ਼ੀਲ ਹੈ ਅਤੇ ਜਦੋਂ ਵੀ ਜ਼ਰੂਰਤ ਪਈ ਕੇਂਦਰ ਨੇ ਤੁਰੰਤ ਕਾਰਵਾਈ ਕੀਤੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੇ ਗ੍ਰਹਿ ਮੰਤਰੀ ਦੇ ਸੁਨੇਹੇ ਤੋਂ ਬਾਅਦ ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਾਥੀਆਂ ਨਾਲ ਆ ਕੇ ਦਰਬਾਰ ਸਾਹਿਬ ਵਿਖੇ ਹਾਲਾਤ ਵੇਖੇ। ਉਨ੍ਹਾਂ ਆਖਿਆ ਕਿ 14 ਜੁਲਾਈ ਤੋਂ ਲੈ ਕੇ ਅੱਜ ਤੱਕ ਸ਼੍ਰੀ ਦਰਬਾਰ ਸਾਹਿਬ ਨੂੰ ਕੁੱਲ ਅੱਠ ਧਮਕੀਆਂ ਭਰੀਆਂ ਈਮੇਲਜ਼ ਆ ਚੁੱਕੀਆਂ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਨੇ ਇੱਕ ਵਾਰ ਵੀ ਇਥੇ ਪਹੁੰਚ ਕੇ ਇੱਥੋਂ ਦਾ ਹਾਲ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ ਜੋ ਕਿ ਸਭ ਤੋਂ ਵੱਡੀ ਮੰਦਭਾਗੀ ਗੱਲ ਹੈ।
ਇਸ ਤੋਂ ਬਾਅਦ ਉਹਨਾਂ ਨੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਲਕਸ਼ਮੀ ਨਰਾਇਣ ਮੰਦਿਰ ਵਿਖੇ ਵੀ ਮੱਥਾ ਟੇਕਿਆ ਜਿੱਥੇ ਉਹਨਾਂ ਨੂੰ ਪ੍ਰਧਾਨ ਪ੍ਰੋਫੈਸਰ ਲਕਸ਼ਮੀਕਾਤ ਚਾਵਲਾ ਤੇ ਹੋਰ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ।
Read More : ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ 8ਵੀਂ ਵਾਰ ਮਿਲੀ ਧਮਕੀ