ਕਿਹਾ-ਸ਼੍ਰੋਮਣੀ ਕਮੇਟੀ ਇਸ ਪਾਪ ਵਿੱਚ ਸ਼ਾਮਲ ਆਪਣੇ ਆਕਾਵਾਂ ਦੇ ਨਜ਼ਦੀਕੀ ਧਨਾਢਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ
ਚੰਡੀਗੜ੍ਹ 30 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੀ ਆਲੋਚਨਾ ਕੀਤੀ ਹੈ ਕਿ ਉਹ ਆਪਣੇ ਮਾੜੇ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ।
ਦੱਸ ਦੇਈਏ ਕਿ ਉਨ੍ਹਾਂ ਕਿਹਾ ਕਿ ਇਹ ਲੋਕ ਆਪਣੇ ਮਾੜੇ ਕੰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਗੁੰਮ ਹੋਈਆਂ ਕਾਪੀਆਂ ਦੇ ਮਾਮਲੇ ਵਿੱਚ ਕਾਰਵਾਈ ਨਾ ਹੋਣ ‘ਤੇ ਸਮੁੱਚੀ ਸੰਗਤ ਗੁੱਸੇ ਵਿੱਚ ਹੈ। ਸ਼੍ਰੋਮਣੀ ਕਮੇਟੀ ਇਸ ਪਾਪ ਵਿੱਚ ਸ਼ਾਮਲ ਆਪਣੇ ਆਕਾਵਾਂ ਦੇ ਨੇੜਲੇ ਅਮੀਰ ਲੋਕਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।
ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਅਤੇ ਸਿੱਖ ਭਾਈਚਾਰਾ ਪਿਛਲੇ ਕੁਝ ਸਾਲਾਂ ਤੋਂ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਕਾਪੀਆਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਇਸ ਸਬੰਧ ਵਿੱਚ ਕਾਰਵਾਈ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਕੋਲ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੈਤਿਕ ਜ਼ਿੰਮੇਵਾਰੀ ਵਜੋਂ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਖੀ ਨੇ ਮੰਨਿਆ ਹੈ ਕਿ ਕਮੇਟੀ ਅੰਦਰ ਰੋਜ਼ਾਨਾ 10-12 ਘੁਟਾਲੇ ਹੁੰਦੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਸ਼ਰਧਾਲੂਆਂ ਵੱਲੋਂ ਦਿੱਤੇ ਗਏ ਦਾਨ ਦੀ ਦੁਰਵਰਤੋਂ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਨੇ 2020 ਦੀ ਆਪਣੀ ਮੀਟਿੰਗ ਵਿੱਚ ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਪ੍ਰਕਾਸ਼ਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਮਤਾ ਪਾਸ ਕੀਤਾ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਲਾਪਤਾ ਸਰੂਪਾਂ ਨੂੰ ਲੱਭਣ ਵਿੱਚ ਆਪਣੀ ਡਿਊਟੀ ਵਿੱਚ ਅਸਫ਼ਲ ਰਹੀ ਹੈ ਪਰ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਮਹਾਨ ਸਿੱਖ ਗੁਰੂਆਂ ਦਾ ਕਾਰਟੂਨ ਪੋਸਟ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਕਿਉਂਕਿ ਸੂਬੇ ਦੀਆਂ ਚੋਣਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਸਿਰਫ਼ ਕੁਰਸੀ ਹਥਿਆਉਣਾ ਚਾਹੁੰਦੇ ਹਨ ਅਤੇ ਸੂਬੇ ਤੇ ਲੋਕਾਂ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਕਰਦੇ।
1920 ਵਿੱਚ ਸ਼ੇਰਾਂ ਦੀ ਕੌਮ ਵਾਲੇ ਅਕਾਲੀ ਦਲ ਨੂੰ ਹੁਣ ਡਾਇਨਾਸੌਰ ਬਣਾ ਦਿੱਤਾ ਗਿਆ
ਮੁੱਖ ਮੰਤਰੀ ਨੇ ਕਿਹਾ ਕਿ 1920 ਵਿੱਚ ਜਦੋਂ ਅਕਾਲੀ ਦਲ ਬਣਿਆ ਸੀ ਤਾਂ ਇਸ ਨੂੰ ਸ਼ੇਰਾਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਸੀ ਪਰ ਇਨ੍ਹਾਂ ਆਗੂਆਂ ਨੇ ਪਾਰਟੀ ਨੂੰ ਡਾਇਨਾਸੋਰਾਂ ਦੀ ਪਾਰਟੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਅਕਾਲੀ ਲੀਡਰਸ਼ਿਪ, ਕੇਂਦਰ ਸਰਕਾਰ ਸਾਹਮਣੇ ਸੂਬੇ ਦੇ ਮੁੱਦੇ ਚੁੱਕਣ ਤੋਂ ਝਿਜਕਦੀ ਹੈ, ਜਦੋਂ ਕਿ ਸੂਬਾ ਸਰਕਾਰ ਨੇ ਇਸ ਲਈ ਕੋਈ ਕਸਰ ਨਹੀਂ ਛੱਡੀ।
Read More : ਪੰਜਾਬ ਨੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ : ਡਾ. ਰਵਜੋਤ ਸਿੰਘ
