ਫਿਰੋਜ਼ਪੁਰ, 7 ਜੁਲਾਈ : ਨਿਊ ਵੇਅਰ ਵੈੱਲ ਦੇ ਮਾਲਕ ਅਤੇ ਮਸ਼ਹੂਰ ਕਾਰੋਬਾਰੀ ਸੰਜੇ ਸ਼ਰਮਾ ਵਰਮਾ ਦੇ ਅਬੋਹਰ ’ਚ ਦਿਨ-ਦਿਹਾੜੇ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਨੂੰ ਲੈ ਕੇ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸਰਦਾਰ ਹਰਮਨਬੀਰ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਕਾਤਲਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਕਿਸੇ ਵੀ ਗੈਂਗਸਟਰ ਜਾਂ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਸੰਜੇ ਵਰਮਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਡੀ. ਆਈ. ਜੀ. ਗਿੱਲ ਨੇ ਕਿਹਾ ਕਿ ਪੁਲਸ ਇਸ ਮਾਮਲੇ ਵਿਚ ਵੱਖ-ਵੱਖ ਐਂਗਲਾਂ ਤੇ ਕਾਰਵਾਈ ਕਰ ਰਹੀ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਟੈਕਨੀਕਲ ਸੋਰਸਿਸ ਅਤੇ ਗੁਪਤ ਸੂਤਰਾਂ ਦੇ ਆਧਾਰ ’ਤੇ ਪੁਲਸ ਇਸ ਮਾਮਲੇ ’ਚ ਬਹੁਤ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਕਾਤਲ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ ਅਤੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।
ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਨੇ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ ਪੁਲਸ ਵੱਲੋਂ ਸਾਰੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਇਸ ਕਤਲ ਸਬੰਧੀ ਕਈ ਮਹੱਤਵਪੂਰਨ ਸੁਰਾਗ ਮਿਲੇ ਹਨ, ਜਿਸ ’ਤੇ ਪੁਲਸ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲਸ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਲਈ ਵਚਨਬੱਧ ਹੈ।
Read More : ਅੱਤਵਾਦੀ ਹੈਪੀ ਪਾਸੀਆ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ