ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਬਾਲ ਵਿਕਾਸ ਮੰਤਰਾਲੇ ਨੂੰ ਲਿਖੇ ਪੱਤਰ
ਸੁਲਤਾਨਪੁਰ ਲੋਧੀ, 18 ਦਸੰਬਰ : ਪਾਰਲੀਮੈਂਟ ਦੇ ਚੱਲ ਰਹੇ ਸਰਦ ਰੁੱਤ ਦੇ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਛੋਟੇ ਸਾਹਿਬਜ਼ਾਦਿਆਂ ਦਾ ਨਾਮ ‘ਵੀਰ ਬਾਲ ਦਿਵਸ’ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਣ ਦੀ ਮੰਗ ਨੂੰ ਲੈ ਕੇ ਪਾਰਲੀਮੈਂਟ ਦੇ ਮੁੱਖ ਦੁਆਰ ’ਤੇ ਰੋਸ ਪ੍ਰਦਰਸ਼ਨ ਕੀਤਾ।
ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੀ 9 ਦਸੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਬਾਲ ਵਿਕਾਸ ਮੰਤਰਾਲੇ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆ ‘ਵੀਰ ਬਾਲ ਦਿਵਸ’ ਦੀ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਿਆ ਜਾਵੇ।
ਇਸ ਦਿਹਾੜੇ ਨੂੰ ਲੈ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਸੀ, ਜਿਸਨੂੰ ਲੈ ਕੇ ਸਿੱਖ ਕੌਮ ਨੂੰ ਇਹ ਨਾਮ ਤੋਂ ਪਹਿਲੇ ਦਿਨ ਤੋਂ ਹੀ ਸਖਤ ਇੰਤਰਾਜ਼ ਸੀ। ਸਾਹਿਬਜ਼ਾਦੇ ਬਾਲ ਨਹੀਂ ਸਿੱਖ ਜਗਤ ਲਈ ‘ਬਾਬੇ’ ਹਨ।
ਅੱਜ ਸਵੇਰੇ ਪਾਰਲੀਮੈਂਟ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਆਪਣੇ ਦੋਹਾਂ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ। ਉਨ੍ਹਾਂ ਆਪਣਾ ਰੋਸ ਪ੍ਰਦਰਸ਼ਨ ਸ਼ੁਰੂ ਕਰਨ ਤੋਂ ਪਹਿਲਾਂ ‘ਬੋਲੇ ਸੋ ਨਿਹਾਲ’ ਦਾ ਜੈਕਾਰਾ ਵੀ ਗਜਾਇਆ।
ਸੰਤ ਸੀਚੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਉਨ੍ਹਾਂ ਪੱਤਰ ਪ੍ਰਾਪਤ ਹੋਇਆ ਸੀ। ਇਸ ਪੱਤਰ ਵਿਚ ਕਿਹਾ ਗਿਆ ਸੀ ਕਿ ਭਾਰਤ ਸਰਕਾਰ ਵੱਲੋਂ ਸਾਲ 2022 ਤੋਂ ਸਾਹਿਬਜ਼ਾਦਿਆਂ ਦੀ ਯਾਦ ਵਿਚ ਜਿਹੜਾ ਕੌਮੀ ਪੱਧਰ ’ਤੇ ‘ਵੀਰ ਬਾਲ ਦਿਵਸ’ ਮਨਾਇਆ ਜਾਂਦਾ ਹੈ, ਉਸ ਦੇ ਨਾਂਅ ਬਾਰੇ ਸਿੱਖ ਕੌਮ ਨੂੰ ਸਖ਼ਤ ਇੰਤਰਾਜ਼ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਕਿਹਾ ਗਿਆ ਹੈ ਕਿ ਉਹ ਇਹ ਨਾਂਅ ਬਦਲਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ। ਉਨ੍ਹਾਂ ਦੱਸਿਆ ਕਿ ਇਹ ਸਮੁੱਚੀ ਸਿੱਖ ਕੌਮ ਦਾ ਮਾਮਲਾ ਹੈ ਤੇ ਹਰ ਸਿੱਖ ਤੇ ਹਰ ਪੰਜਾਬੀ ਇਸ ਬਾਰੇ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ।
Read More : ਮਹਾਰਾਸ਼ਟਰ ਦੀਆਂ 2 ਅਦਾਲਤਾਂ ’ਚ ਬੰਬ ਦੀ ਧਮਕੀ
