ਜਸਵੀਰ ਗੜ੍ਹੀ ਨੇ 11 ਫਰਵਰੀ ਨੂੰ ਤਲਬ ਕੀਤਾ
ਚੰਡੀਗੜ੍ਹ 10 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਖੁਲਾਸਾ ਕੀਤਾ ਹੈ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਕਥਿਤ ਜਾਤੀ ਸੂਚਕ ਟਿੱਪਣੀ ਦੇ ਮਾਮਲੇ ਵਿੱਚ ਭੇਜਿਆ ਗਿਆ ਨੋਟਿਸ ਪ੍ਰਤਾਪ ਬਾਜਵਾ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨਾਂ ਦੇ ਮੁਲਾਜ਼ਮਾਂ ਨੇ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਮਿਸ਼ਨ ਦਾ ਮੁਲਾਜ਼ਮ ਦੋ ਵਾਰ ਨੋਟਿਸ ਦੇਣ ਗਿਆ ਪਰ ਬਾਜਵਾ ਦੇ ਸੈਕਟਰ-8 ਅਤੇ ਸੈਕਟਰ-39 ਸਥਿਤ ਘਰਾਂ ਦੇ ਮੁਲਾਜ਼ਮਾਂ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਦੇ ਬਿਆਨਾਂ ਨੇ ਕਾਂਗਰਸ ਦੇ ‘ਦਲਿਤ ਵਿਰੋਧੀ ਡੀ.ਐਨ.ਏ.’ ਨੂੰ ਨੰਗਾ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਿੱਤੇ ਗਏ ਬਿਆਨਾਂ ਸਬੰਧੀ ਵੀ ਕਮਿਸ਼ਨ ਜਲਦੀ ਕਾਰਵਾਈ ਕਰਨ ਜਾ ਰਿਹਾ ਹੈ।
ਗੜ੍ਹੀ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਜੀਵਨ ਸੰਘਰਸ਼ ਦੀ ਸ਼ਲਾਘਾ ਕੀਤੀ ਅਤੇ ਕਾਂਗਰਸ ਪਾਰਟੀ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਹਮੇਸ਼ਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਦਲਿਤਾਂ ਨੂੰ ਮਿਲਣ ਵਾਲੇ ਅਧਿਕਾਰਾਂ ਵਿੱਚ ਅੜਿੱਕੇ ਡਾਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਦਲਿਤਾਂ ਨੂੰ ਮਿਲੇ ਅਧਿਕਾਰ ਸੰਵਿਧਾਨ ਦੀ ਦੇਣ ਹਨ, ਨਾ ਕਿ ਕਾਂਗਰਸ ਦੀ।
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਉਨ੍ਹਾਂ ਦੀ ਭਾਰਤੀ ਸੰਵਿਧਾਨ ਵਿੱਚ ਆਸਥਾ ਹੈ, ਤਾਂ ਉਹ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ।
Read More : ਐੱਮ.ਪੀ. ਸਤਨਾਮ ਸੰਧੂ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਉਣ ਦੀ ਮੰਗ
