ਕੈਬਨਿਟ ਮੰਤਰੀ ਵਿਰੁੱਧ ਟਿੱਪਣੀ ਦਾ ਮਾਮਲਾ, ਅਗਲੀ ਸੁਣਵਾਈ 26 ਫਰਵਰੀ ਨੂੰ
ਚੰਡੀਗੜ੍ਹ, 12 ਫਰਵਰੀ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਕਥਿਤ ਟਿੱਪਣੀ ਦੇ ਮਾਮਲੇ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫ਼ੋਂ ਉਨ੍ਹਾਂ ਦਾ ਵਕੀਲ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਇਆ। ਇਸ ਸਬੰਧੀ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੀ ਕੀਤੀ।
ਪ੍ਰਤਾਪ ਸਿੰਘ ਬਾਜਵਾ ਦੀ ਤਰਫ਼ੋਂ ਪੇਸ਼ ਹੋਏ ਐਡਵੋਕੇਟ ਅਰਵਿੰਦ ਕੁਮਾਰ ਸਚਦੇਵਾ ਨੇ ਕਮਿਸ਼ਨ ਨੂੰ ਲਿਖਤੀ ਉੱਤਰ ਸੌਂਪਿਆ। ਵਕੀਲ ਨੇ ਸਪੱਸ਼ਟ ਕੀਤਾ ਕਿ ਨੇਤਾ ਵਿਰੋਧੀ ਧਿਰ ਵੱਲੋਂ ਕੋਈ ਵੀ ਜਾਤੀ ਸੂਚਕ ਟਿੱਪਣੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੁਝ ਸਬੰਧਤ ਦਸਤਾਵੇਜ਼ ਪੇਸ਼ ਕਰਦਿਆਂ ਕੇਸ ਨੂੰ ਦਫ਼ਤਰ ਦਾਖ਼ਲ (ਬੰਦ) ਕਰਨ ਦੀ ਮੰਗ ਕੀਤੀ।
ਐਡਵੋਕੇਟ ਸਚਦੇਵਾ ਨੇ ਅਦਾਲਤ ਨੂੰ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਇਸ ਵੇਲੇ ਪੰਜਾਬ ਤੋਂ ਬਾਹਰ ਹਨ। ਉਨ੍ਹਾਂ ਨੇ ਅਦਾਲਤ ਤੋਂ ਅਪੀਲ ਕੀਤੀ ਕਿ ਜੇਕਰ ਪੇਸ਼ ਕੀਤੇ ਗਏ ਦਸਤਾਵੇਜ਼ਾਂ ਵਿੱਚ ਕੋਈ ਘਾਟ ਹੈ, ਤਾਂ ਉਨ੍ਹਾਂ ਨੂੰ 15 ਦਿਨਾਂ ਦਾ ਹੋਰ ਸਮਾਂ ਦਿੱਤਾ ਜਾਵੇ। ਸ. ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ 2026 ਤੈਅ ਕੀਤੀ ਹੈ।
ਚੇਅਰਮੈਨ ਨੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਭੇਜੇ ਗਏ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ‘ਤੇ ਕਾਨੂੰਨੀ ਰਾਏ ਲਈ ਜਾਵੇਗੀ। ਕਾਨੂੰਨੀ ਮਸ਼ਵਰੇ ਤੋਂ ਬਾਅਦ ਹੀ ਕਮਿਸ਼ਨ ਇਸ ਮਾਮਲੇ ਵਿੱਚ ਕੋਈ ਅੰਤਿਮ ਫੈਸਲਾ ਸੁਣਾਏਗਾ।
Read More : ਵੀ.ਸੀ. ਡਾ. ਪੁਸ਼ਪਿੰਦਰ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
