ਜਥੇਦਾਰ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ ਬਣਾਈ ਕਮੇਟੀ ਵਿਚੋਂ ਕੀਤਾ ਬਾਹਰ
ਅੰਮ੍ਰਿਤਸਰ, 1 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ ਬਣਾਈ ਗਈ ਕਮੇਟੀ ਤੋਂ ਹਟਾ ਦਿੱਤਾ ਹੈ। ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਹੈ
ਇਸ ਵੀਡੀਓ ਵਿੱਚ ਡਾ. ਕਰਮਜੀਤ ਸਿੰਘ ਕਥਿਤ ਤੌਰ ‘ਤੇ ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਨਾਲ ਗੱਲਬਾਤ ਦੌਰਾਨ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦਿਆਂ ਦਿਖਾਈ ਦੇ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਪ੍ਰਾਪਤ ਹੋਏ ਇਤਰਾਜ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਲਿਆ ਹੈ।
ਇਸ ਮਾਮਲੇ ਵਿੱਚ ਜਲੰਧਰ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਸਭ ਤੋਂ ਪਹਿਲਾਂ ਇਤਰਾਜ਼ ਜਤਾਇਆ ਸੀ। ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀਡੀਓ ਸਾਂਝੀ ਕਰਦਿਆਂ ਹੋਇਆਂ ਉਨ੍ਹਾਂ ਲਿਖਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਆਰ.ਐੱਸ. ਐੱਸ. ਮੁਖੀ ਅੱਗੇ ਨਤਮਸਤਕ ਹੋ ਕੇ ਗੱਲਾਂ ਸਮਝਾਉਣਾ ਵੱਡੇ ਸਵਾਲ ਖੜ੍ਹਾ ਕਰਦਾ ਹੈ।
ਪ੍ਰਗਟ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਰ. ਐੱਸ. ਐੱਸ. ਨੂੰ ਸਿੱਖਿਆ ਪ੍ਰਣਾਲੀ, ਖਾਸ ਕਰ ਕੇ ਯੂਨੀਵਰਸਿਟੀਆਂ ‘ਤੇ ਕੰਟਰੋਲ ਹਾਸਲ ਕਰਨ ਵਿਚ ਮਦਦ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ‘ਕੇਂਦਰੀ ਸਿੱਖਿਆ ਨੀਤੀ’ ਲਾਗੂ ਕਰਕੇ ਸੱਜੇ-ਪੱਖੀ ਏਜੰਡੇ ਪ੍ਰਤੀ ਆਪਣੀ ਵਫ਼ਾਦਾਰੀ ਦਿਖਾ ਚੁੱਕੀ ਹੈ।
Read More : ਹੱਤਿਆ ਤੋਂ ਬਾਅਦ ਪੈਟਰੋਲ ਪਾ ਕੇ ਸਾੜੇ ਭੈਣ-ਭਰਾ