27 ਸਤੰਬਰ ਨੂੰ ਮਾਹਿਲਪੁਰ ਵਿਖੇ ਹੋਣ ਵਾਲੀ ਸੀ ਮੈਰਾਥਨ : ਜੈ ਕ੍ਰਿਸ਼ਨ ਸਿੰਘ ਰੋੜੀ
ਹੁਸ਼ਿਆਰਪੁਰ, 17 ਸਤੰਬਰ : ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ, ਜੋ ਕਿ 27 ਸਤੰਬਰ 2025 ਨੂੰ ਮਾਹਿਲਪੁਰ (ਜਿ਼ਲਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸੀ, ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।
ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਪਕੇਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਇਸ ਯਤਨ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਰਾਹੀਂ ਸਿਹਤਮੰਦ, ਤੰਦਰੁਸਤ ਅਤੇ ਖੁਸ਼ਹਾਲ ਬਣਨ ਵੱਲ ਸੇਧਿਤ ਕਰਨਾ ਸੀ।
ਹਾਲਾਂਕਿ, ਮੌਜੂਦਾ ਸਮੇਂ ਵਿੱਚ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਵਿਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੇ ਹਾਲਾਤਾਂ ਵਿਚ ਲੋਕਾਂ ਦੇ ਦੁੱਖ ਨੂੰ ਸਾਂਝਾ ਕਰਨਾ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣਾ ਹੈ।
ਡਿਪਟੀ ਸਪੀਕਰ ਰੋੜੀ ਨੇ ਸਪੱਸ਼ਟ ਕੀਤਾ ਕਿ ਮੈਰਾਥਨ ਨੂੰ ਸਿਰਫ਼ ਮੁਲਤਵੀ ਕੀਤਾ ਗਿਆ ਹੈ, ਰੱਦ ਨਹੀਂ ਕੀਤਾ ਗਿਆ ਹੈ। ਜਿਵੇਂ ਹੀ ਸਥਿਤੀ ਵਿਚ ਸੁਧਾਰ ਹੋਵੇਗਾ, ਮੈਰਾਥਨ ਲਈ ਨਵੀਂ ਤਾਰੀਖ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਸਥਿਤੀ ਵਿੱਚ ਪੰਜਾਬ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Read More : ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮਨੁੱਖੀ ਸਿਹਤ ਤੇ ਪਸ਼ੂਆਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਹਦਾਇਤਾਂ