ਅੰਮ੍ਰਿਤਸਰ, 11 ਅਕਤੂਬਰ : -ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦੇ ਹੋਏ ਮੁੰਬਈ ਪਹੁੰਚਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੰਬਈ ਦੀਆਂ ਸੰਗਤਾਂ ਅੰਦਰ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਨੂੰ ਬਿਆਨ ਕਰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਤਾਬਦੀ ਦਿਹਾੜੇ ਕੌਮ ਅੰਦਰ ਏਕਤਾ ਇਤਫਾਕ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖੀ ਦੀਆਂ ਕਦਰਾਂ-ਕੀਮਤਾਂ ਅਤੇ ਇਤਿਹਾਸ ਨਾਲ ਜੋੜਨ ਦਾ ਮੌਕਾ ਹਨ ਅਤੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਇਨ੍ਹਾਂ ’ਚ ਭਾਗੀ ਬਣਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨ ਕਰੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਸ ਸ਼ਹੀਦੀ ਨਗਰ ਕੀਰਤਨ ਨੇ ਸਮੁੱਚੇ ਦੇਸ਼ ਅੰਦਰ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਦੇਸ਼ ਨੂੰ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਹਮੇਸ਼ਾ ਯਾਦ ਰੱਖਿਆ ਜਾਵੇਗਾ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਰਵਾਨਗੀ ਸਮੇਂ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਵੀ ਦਿੱਤੇ।
Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ