ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਦੇਸ਼ ਭਰ ਦੇ 25 ਸੂਬਿਆਂ ’ਚੋਂ ਹੁੰਦਾ ਹੋਇਆ 92 ਦਿਨਾਂ ਮਗਰੋਂ ਅੱਜ ਸ਼ਰਧਾ, ਉਤਸ਼ਾਹ ਅਤੇ ਰੂਹਾਨੀਅਤ ਭਰੇ ਮਾਹੌਲ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ।
ਅੱਜ ਸਵੇਰੇ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਭੱਠਾ ਸਾਹਿਬ ਰੂਪਨਗਰ ਤੋਂ ਆਪਣੇ ਆਖਰੀ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਅਤੇ ਘਨੌਲੀ, ਭਰਤਗੜ੍ਹ, ਬੁੰਗਾ ਸਾਹਿਬ ਅਤੇ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ।
ਨਗਰ ਕੀਰਤਨ ਦਾ ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਲੱਖੇਵਾਲ, ਭੁਪਿੰਦਰ ਸਿੰਘ ਭਲਵਾਨ, ਗੁਰਬਖ਼ਸ਼ ਸਿੰਘ ਖ਼ਾਲਸਾ, ਅਜਮੇਰ ਸਿੰਘ ਖੇੜਾ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਜ਼ੋਰਦਾਰ ਸਵਾਗਤ ਕੀਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਰੂਪਨਗਰ ਪ੍ਰਧਾਨ ਦਰਬਾਰਾ ਸਿੰਘ ਬਾਲਾ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।
Read More : ਏਜੰਟ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੇ 10 ਲੱਖ, ਦੁਖੀ ਨੌਜਵਾਨ ਵੱਲੋਂ ਖੁਦਕੁਸ਼ੀ
