ਅੰਮ੍ਰਿਤਸਰ, 2 ਸਤੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਮਤਿ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ।
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਰੰਭ ਹੋ ਕੇ ਵੱਖ- ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸਤਿਕਾਰ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਇੰਚਾਰਜ ਜਗਜੀਤ ਸਿੰਘ, ਸਿਮਰਨਜੀਤ ਸਿੰਘ ਕੰਗ, ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਦੇ ਪ੍ਰਧਾਨ ਹਰਵਿੰਦਰ ਸਿੰਘ ਲਾਰਡ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਭੱਲਾ, ਗਗਨ ਸਿੰਘ ਢੀਂਗਰਾ ਸਮੇਤ ਸੰਗਤਾਂ ਹਾਜ਼ਰ ਸਨ।
Read More : ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਛਪਾਰ ਮੇਲੇ ਦੀ ਕਾਨਫਰੰਸ ਮੁਲਤਵੀ