ਅੰਮ੍ਰਿਤਸਰ,ਜਬਲਪੁਰ, 16 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਜਬਲਪੁਰ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੰਡਲਾਂ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।
ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਇੰਚਾਰਜ ਪਲਵਿੰਦਰ ਸਿੰਘ, ਸਰਬਜੀਤ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਸੰਗਤਾਂ ਹਾਜ਼ਰ ਸਨ।
Read More : ਅਟਾਰੀ ਅਤੇ ਸਾਦਕੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ