ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
ਅੰਮ੍ਰਿਤਸਰ, ਬਨਾਰਸ . 31 ਅਗਸਤ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਾਸਾਮ ਤੋਂ ਆਰੰਭ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਬਾਗ ਬਨਾਰਸ ਉੱਤਰ ਪ੍ਰਦੇਸ਼ ਤੋਂ ਅਗਲੇ ਪੜਾਅ ਇਲਾਹਾਬਾਦ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਬਾਗ ਬਨਾਰਸ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ।
ਇਸ ਮੌਕੇ ਸਥਾਨਕ ਬੱਚਿਆਂ ਨੇ ਵੀ ਗੁਰਬਾਣੀ ਕੀਰਤਨ ਸਰਵਣ ਕਰਵਾ ਕੇ ਗੁਰੂ ਸਾਹਿਬ ਪਰਤੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਰਸਤੇ ਵਿਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਭਾਈ ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਮੁੰਬਈ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ, ਕਰਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
Read More : ਪ੍ਰਧਾਨ ਧਾਮੀ ਨੇ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ