ਪਾਰਟੀ ਪ੍ਰਧਾਨ ਲਈ ਨਵੇਂ ਨਿਯਮ: ਹੁਣ ਨਹੀਂ ਲੜ ਸਕਣਗੇ ਚੋਣ; ਯੂਥ ਵਿੰਗ ਤੇ ਸਟੂਡੈਂਟ ਫੈੱਡਰੇਸ਼ਨ ਦੇ ਮੁੜ ਗਠਨ ਦਾ ਐਲਾਨ
ਚੰਡੀਗੜ੍ਹ, 23 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੀ ਪੁਨਰ-ਸੁਰਜੀਤੀ ਦੀ ਪ੍ਰਕਿਰਿਆ ਨੂੰ ਇੱਕ ਨਵਾਂ ਮੋੜ ਦਿੰਦਿਆਂ ਵੱਡੇ ਸੰਗਠਨਾਤਮਕ ਸੁਧਾਰਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਐਲਾਨਨਾਮੇ ਨੂੰ ਜਾਰੀ ਕਰਦਿਆਂ ਸਪੱਸ਼ਟ ਕੀਤਾ ਗਿਆ ਕਿ ਹੁਣ ਪਾਰਟੀ ਵਿਚ ‘ਇਕ ਆਗੂ, ਇਕ ਅਹੁਦਾ’ ਅਤੇ ‘ਇਕ ਪਰਿਵਾਰ, ਇਕ ਟਿਕਟ’ ਦਾ ਸਿਧਾਂਤ ਸਖ਼ਤੀ ਨਾਲ ਲਾਗੂ ਹੋਵੇਗਾ।
ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮਿਆਂ ਤੋਂ ਬਾਅਦ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦਾ ਅਮਲ ਆਰੰਭਿਆ ਗਿਆ ਸੀ। ਇਸ ਮੰਤਵ ਲਈ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਨੇ 35 ਤੋਂ ਵੱਧ ਮੀਟਿੰਗਾਂ ਕਰਨ ਅਤੇ ਸੀਨੀਅਰ ਲੀਡਰਸ਼ਿਪ ਨਾਲ ਡੂੰਘੀ ਵਿਚਾਰ-ਚਰਚਾ ਤੋਂ ਬਾਅਦ ਇਹ ਦਸਤਾਵੇਜ਼ ਤਿਆਰ ਕੀਤਾ ਹੈ।
ਇਕਬਾਲ ਸਿੰਘ ਝੂੰਦਾਂ ਨੇ ਦਾਅਵਾ ਕੀਤਾ ਕਿ ਇਹ ਐਲਾਨਨਾਮਾ ਹੋਰਨਾਂ ਸਿਆਸੀ ਪਾਰਟੀਆਂ ਵਾਂਗ ਸਿਰਫ਼ ਵਿਖਾਵੇ ਲਈ ਨਹੀਂ ਹੈ, ਸਗੋਂ ਇਸ ’ਤੇ ਗੰਭੀਰਤਾ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਸਤਾਵੇਜ਼ ਵਿੱਚ ਦਸ ਗੁਰੂ ਸਾਹਿਬਾਨ ਦੇ ਫਲਸਫ਼ੇ ਦੇ ਪ੍ਰਸਾਰ, ਤਖ਼ਤਾਂ ਦੇ ਜਥੇਦਾਰਾਂ ਦੀ ਆਜ਼ਾਦ ਹਸਤੀ ਨੂੰ ਕਾਇਮ ਰੱਖਣ ਅਤੇ ਪੰਜਾਬ ਦੀ ਪੁਨਰ-ਉਸਾਰੀ ਲਈ ਵਿਸਥਾਰਪੂਰਵਕ ਨੀਤੀ ਤਿਆਰ ਕੀਤੀ ਗਈ ਹੈ।
ਪਾਰਟੀ ਦੇ ਨਵੇਂ ਨਿਯਮਾਂ ਅਨੁਸਾਰ ਪਾਰਟੀ ਪ੍ਰਧਾਨ ਦਾ ਕਾਰਜਕਾਲ 3 ਸਾਲ ਦਾ ਹੋਵੇਗਾ ਅਤੇ ਕੋਈ ਵੀ ਵਿਅਕਤੀ ਲਗਾਤਾਰ ਸਿਰਫ਼ ਦੋ ਵਾਰ ਹੀ ਪ੍ਰਧਾਨ ਬਣ ਸਕੇਗਾ। ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਅਹੁਦੇ ‘ਤੇ ਰਹਿੰਦਿਆਂ ਕੋਈ ਚੋਣ ਨਹੀਂ ਲੜਨਗੇ ਅਤੇ ਜੇਕਰ ਚੋਣ ਲੜਨਾ ਚਾਹੁੰਦੇ ਹਨ ਤਾਂ ਪ੍ਰਧਾਨਗੀ ਤੋਂ ਇੱਕ ਸਾਲ ਪਹਿਲਾਂ ਅਸਤੀਫ਼ਾ ਦੇਣਾ ਲਾਜ਼ਮੀ ਹੋਵੇਗਾ।
ਸੰਗਠਨ ਨੂੰ ਮਜ਼ਬੂਤ ਕਰਨ ਲਈ ਯੂਥ ਵਿੰਗ ਵਿੱਚ ਸ਼ਾਮਲ ਹੋਣ ਲਈ ਉਮਰ ਹੱਦ 37 ਸਾਲ ਤੈਅ ਕੀਤੀ ਗਈ ਹੈ ਅਤੇ ‘ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ’ ਨੂੰ ਮੁੜ ਸੁਰਜੀਤ ਕਰਕੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਇਕਾਈਆਂ ਸਥਾਪਤ ਕੀਤੀਆਂ ਜਾਣਗੀਆਂ।
ਇਸ ਮੌਕੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਗੋਬਿੰਦ ਸਿੰਘ ਲੌਂਗੋਵਾਲ, ਸਤਵਿੰਦਰ ਸਿੰਘ ਟੌਹੜਾ, ਕਰਨੈਲ ਸਿੰਘ ਪੀਰ ਮੁਹੰਮਦ, ਭੁਪਿੰਦਰ ਸਿੰਘ ਸ਼ੇਖੂਪੁਰ, ਪਰਮਪਾਲ ਸਿੰਘ ਸਭਰਾ, ਗੁਰਮੋਹਨ ਸਿੰਘ ਵਾਲੀਆ, ਜਗਜੀਤ ਸਿੰਘ ਕੋਹਲੀ ਅਤੇ ਤਜਿੰਦਰ ਸਿੰਘ ਪੰਨੂ ਸਮੇਤ ਕਈ ਵੱਡੇ ਆਗੂ ਹਾਜ਼ਰ ਸਨ। ਪਾਰਟੀ ਨੇ ਐਲਾਨ ਕੀਤਾ ਹੈ ਕਿ ਇਹ ਨਿਯਮ ਅੱਜ ਤੋਂ ਹੀ ਲਾਗੂ ਮੰਨੇ ਜਾਣਗੇ।
Read More : ਧੀ ਨਾਲ ਜਬਰ-ਜ਼ਨਾਹ ਕਰਨ ਵਾਲੇ ਪਿਤਾ ਨੂੰ ਉਮਰ ਕੈਦ
