ਸੂਬੇ ਦੇ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੇਂਦਰ ਸਰਕਾਰ ਕੋਲੋਂ ਕੀਤੀ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ
ਗੁਰਦਾਸਪੁਰ, 4 ਸਤੰਬਰ : ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਜ਼ਿਲਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਅਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।
ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਇਲਾਕੇ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਹੜ੍ਹਾਂ ਨਾਲ ਫ਼ਸਲਾਂ ਅਤੇ ਪਸ਼ੂ ਧਨ ਦਾ ਬਹੁਤ ਨੁਕਸਾਨ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਸਮੇਤ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਤੋਂ ਬਾਅਦ ਕੇਂਦਰੀ ਮੰਤਰੀ ਟਰੈਕਟਰ ’ਤੇ ਸਵਾਰ ਹੋ ਕੇ ਪਿੰਡ ਧਰਮਕੋਟ ਪੱਤਣ ਦਾ ਦੌਰਾ ਕੀਤਾ ਗਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਬਹਿਰਾਮਪੁਰ ਦਾ ਦੌਰਾ ਵੀ ਕੀਤਾ ਗਿਆ।
ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਗੱਲ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ ਅਤੇ ਕਿਸਾਨਾਂ ਦੀ ਝੋਨੇ ਦੀ ਫਸਲ ਸਮੇਤ ਹੋਰ ਫਸਲਾਂ ਖਰਾਬ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਕਿਸਾਨਾਂ ਦੇ ਪਸ਼ੂ ਧੰਨ ਦਾ ਵੀ ਨੁਕਸਾਨ ਹੋਇਆ ਹੈ।
ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਪੱਧਰ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਰ ਤਰ੍ਹਾਂ ਨਾਲ ਸਾਥ ਦੇ ਰਹੀ ਹੈ ਅਤੇ ਰਾਜ ਸਰਕਾਰ ਵੱਲੋਂ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ। ਸੂਬਾ ਸਰਕਾਰ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਖੁੱਡੀਆਂ ਨੇ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਦੀ ਸਾਰ ਲਈ ਅੱਗੇ ਆਵੇ ਅਤੇ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ।
ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਵੀ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਮੰਗ ਪੱਤਰ ਦੇ ਕੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਕੇਂਦਰ ਸਰਕਾਰ ਵੱਲੋਂ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਤਰੁਣ ਚੁੱਘ, ਸਾਬਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਰਜੀਵ ਸ਼ਰਮਾ, ਬਘੇਲ ਸਿੰਘ, ਹੀਰਾ ਵਾਲੀਆ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਨਾਨਕ ਸਿੰਘ, ਐੱਸ.ਐੱਸ.ਪੀ. ਬਟਾਲਾ ਸੋਹੇਲ ਕਾਸਮ ਮੀਰ, ਐੱਸ.ਡੀ.ਐੱਮ. ਡਾ. ਅਦਿੱਤਯ ਸ਼ਰਮਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Read More : ਜਹਾਜ਼ ਨਾਲ ਟਕਰਾਇਆ ਪੰਛੀ, ਉਡਾਣ ਰੱਦ