ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੋਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ।
ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁੱਖੀ ਬਾਬਾ ਜੋਗਾ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ, ਬਾਬਾ ਜਗਜੀਤ ਸਿੰਘ ਹਰਖੋਵਾਲ ਸਮੇਤ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਵੱਲੋਂ ਸਿੰਘ ਸਾਹਿਬ ਨੂੰ ਸਨਮਾਨ ਦਿੱਤਾ ਗਿਆ।
ਇਸ ਮੌਕੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਪੰਥ ਦੀ ਇਹ ਵਿਲੱਖਣਤਾ ਹੈ ਕਿ ਇਸ ਦੀਆਂ ਜਥੇਬੰਦੀਆਂ ਨੇ ਹਮੇਸ਼ਾ ਪੰਥਕ ਰਵਾਇਤਾਂ ’ਤੇ ਪਹਿਰਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਖਾਲਸਾ ਪੰਥ ਵੱਡਾ ਹੈ ਅਤੇ ਵੱਡਾ ਰਹੇਗਾ। ਮੈਂ ਪੰਥ ਸਾਹਮਣੇ ਇਕ ਵਾਰ ਨਹੀਂ ਹਜ਼ਾਰ ਵਾਰ ਝੁਕਦਾ ਹਾਂ। ਖਾਲਸਾ ਪੰਥ ਗੁਰੂ ਦਾ ਰੂਪ ਹੈ ਅਤੇ ਮੈਂ ਹਮੇਸ਼ਾ ਪੰਥ ਦੀਆਂ ਰਵਾਇਤਾਂ, ਪ੍ਰੰਪਰਾਵਾਂ ਤੇ ਸਿਧਾਂਤਾਂ ਅਨੁਸਾਰ ਪੰਥ ਦੀ ਸੇਵਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਥ ਦਾ ਇਕੱਠੇ ਹੋਣਾ ਪੰਥਕ ਏਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਸਿੱਖ ਰਹਿਤ ਮਰਿਆਦਾ ਅਨੁਸਾਰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਰੀਬ ਢਾਈ ਦਹਾਕੇ ਦੇ ਜੀਵਨ ਕਾਲ ਦੌਰਾ ਕਦੇ ਵੀ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਨਹੀਂ ਕੀਤੀ ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸਮਾਗਮ ਵਿਚ ਆਈਆਂ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਵਚਨਬੱਧਤਾ ਪ੍ਰਗਟਾਈ ਕਿ ਉਹ ਪੰਥ ਦੇ ਸੇਵਾਦਾਰ ਹਨ ਅਤੇ ਹਮੇਸ਼ਾ ਪੰਥ ਨੂੰ ਸਮਰਪਿਤ ਹੋ ਕੇ ਸੇਵਾ ਕਰਨਗੇ।
ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਪੰਥਕ ਮਰਿਆਦਾ ਵੱਡੀ ਹੈ, ਜਿਸ ਦੀ ਪਹਿਰੇਦਾਰੀ ਸਭ ਨੂੰ ਕਰਨੀ ਚਾਹੀਦੀ ਹੈ। ਪੰਥਕ ਏਕਤਾ ਹੀ ਸਾਰੀਆਂ ਚੁਣੌਤੀਆਂ ਤੇ ਮੁਸ਼ਕਲਾਂ ਦਾ ਹੱਲ ਹੈ, ਜਿਸ ਪ੍ਰਤੀ ਪੰਥ ਸੁਚੇਤ ਹੈ ਅਤੇ ਇਸੇ ਤਰ੍ਹਾਂ ਇਕੱਠਾ ਰਹੇਗਾ।
Read More : ਕਿਸਾਨਾਂ ਨੂੰ ਬਦਨਾਮ ਕਰਨ ਲਈ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਹੇਠਲੇ ਪੱਧਰ ਦੀ ਰਾਜਨੀਤੀ ’ਤੇ ਉਤਰੀਆਂ : ਅਮਨ ਅਰੋੜਾ
