ਬਟਾਲਾ ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ; 2019 ’ਚ ਦਰਜ ਹੋਇਆ ਸੀ ਸਰਕਾਰੀ ਕੰਮ ’ਚ ਰੁਕਾਵਟ ਪਾਉਣ ਦਾ ਕੇਸ
ਬਟਾਲਾ, 11 ਮਾਰਚ : ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬਟਾਲਾ ਦੀ ਮਾਣਯੋਗ ਅਦਾਲਤ ਨੇ ਸਾਲ 2019 ਦੇ ਬਹੁ-ਚਰਚਿਤ ਡੀ. ਸੀ. ਦਫ਼ਤਰ ਵਿਵਾਦ ਮਾਮਲੇ ’ਚ ਵੱਡੀ ਰਾਹਤ ਦਿੱਤੀ ਹੈ। ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਾਰੇ ਦੋਸ਼ਾਂ ’ਚੋਂ ਪੂਰੀ ਤਰ੍ਹਾਂ ਬਰੀ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਹ ਕੇਸ ਉਸ ਸਮੇਂ ਦਰਜ ਕੀਤਾ ਗਿਆ ਸੀ, ਜਦੋਂ ਗੁਰਦਾਸਪੁਰ ਦੇ ਤਤਕਾਲੀ ਡਿਪਟੀ ਕਮਿਸ਼ਨਰ ਨਾਲ ਇਕ ਜਨਤਕ ਮੁੱਦੇ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਪ੍ਰਸ਼ਾਸਨ ਨੇ ਬੈਂਸ ਵਿਰੁੱਧ ਸਰਕਾਰੀ ਕੰਮ ’ਚ ਰੁਕਾਵਟ ਪਾਉਣ ਅਤੇ ਅਧਿਕਾਰੀ ਨਾਲ ਬਦਸਲੂਕੀ ਕਰਨ ਦੇ ਦੋਸ਼ ਲਾਏ ਸਨ।
ਕਈ ਸਾਲਾਂ ਤੱਕ ਚੱਲੀ ਕਾਨੂੰਨੀ ਲੜਾਈ ਤੋਂ ਬਾਅਦ, ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸਿਮਰਜੀਤ ਸਿੰਘ ਬੈਂਸ, ਦਵਿੰਦਰ ਸਿੰਘ ਅਤੇ ਵਿਜੇ ਤ੍ਰੇਹਨ ਵਿਰੁੱਧ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਪਾਇਆ ਅਤੇ ਉਨ੍ਹਾਂ ਨੂੰ ਬਰੀ ਕਰਨ ਦੇ ਹੁਕਮ ਜਾਰੀ ਕੀਤੇ। ਅਦਾਲਤ ਦੇ ਇਸ ਫ਼ੈਸਲੇ ਮਗਰੋਂ ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਸੀ ਅਤੇ ਅੱਜ ਸੱਚ ਦੀ ਜਿੱਤ ਹੋਈ ਹੈ।
Read More : ਰਸੋਈ ਗੈਸ ਦੀ ਕਿੱਲਤ ਨਹੀਂ, ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੇਸ਼ ਵਾਸੀ : ਪ੍ਰਧਾਨ ਮੰਤਰੀ ਮੋਦੀ
